
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਬਰਾੜ ਨੇ ਆਪਣੇ ਅਸਤੀਫ਼ੇ ਸਬੰਧੀ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਅਸਤੀਫਾ ਦਿੰਦਿਆਂ ਲਿਖਿਆ ਹੈ- ”ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀਂ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀਂ ਬਚਿਆ।
ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਬਰੀ ਭਰਤੀ ਕਮੇਟੀ ਰਾਹੀ ਕਰਵਾਈ ਗਈ ਭਰਤੀ ਲਈ ਮੈਂ ਬਹੁਤ ਹੀ ਉਤਸਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿੱਚੋ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ।
ਖਾਸ ਕਰ ਮਾਲਵੇ ਵਿੱਚ ਬਾਦਲ ਪਰਿਵਾਰ ਦਾ ਆਪਣਾ ਨਿੱਜੀ ਦਬਾਅ ਹੋਣ ਦੇ ਬਾਵਜੂਦ ਵੀ ਮਾਲਵੇ ਸਮੇਤ ਸਾਰੇ ਹੀ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਜਿਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪਰਸਤ ਨਵੀ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ ਪਰ ਬੜੇ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਵੱਲੋ ਸਿਧਾਂਤਕ ਤੌਰ ‘ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋਂ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋਂ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। ਭਾਵੇ ਪਾਰਟੀ ਪ੍ਰਧਾਨ ਨਾਲ ਸਿਧਾਤਕ ਵਿਚਾਰਾਂ ਦੇ ਵਖਰੇਵਿਆਂ ਦੇ ਬਾਵਜੂਦ ਉਥੇ ਜਾਤੀ ਤੌਰ ‘ਤੇ ਇਜਤ ਮਾਣ ਵਿੱਚ ਕੋਈ ਕਮੀ ਨਹੀ ਸੀ ਪਰ ਸਿਧਾਤਕ ਤੌਰ ‘ਤੇ ਆਈਆਂ ਵੱਡੀਆਂ ਉਣਤਾਈਆਂ ਕਰਕੇ ਸਾਰਾ ਕੁਝ ਖੁਦ ਛੱਡ ਕੇ ਸੁਧਾਰ ਵੱਲ ਨੂੰ ਹੋ ਤੁਰਿਆ ਸੀ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਤਾਂ ‘ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ।













