
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੱਜ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਕੱਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਛੋਟਾ ਹਾਥੀ, ਟੈਂਪੂ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋਈ, ਜਿਸ ਦੌਰਾਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਨ ਅਮਨਪ੍ਰੀਤ ਸਿੰਘ ਵੱਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਮਨਪ੍ਰੀਤ ਸਿੰਘ ਪਠਾਨਕੋਟ ਤੋਂ ਵਾਪਸ ਅੰਮ੍ਰਿਤਸਰ ਆ ਰਿਹਾ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਟੈਂਪੂ ਰੋਂਗ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਭਿਆਨਕ ਟੱਕਰ ਹੋਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਟੈਂਪੂ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕ ਦੀ ਦੇਹ ਨੂੰ ਪੁਲਿਸ ਵੱਲੋਂ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਜਾਂਚ ਜਾਰੀ ਕਰ ਦਿੱਤੀ ਗਈ ਹੈ।












