
ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਖ਼ਬਰ ਸੁਣਕੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਜੇਪੀ (ਉਮਰ ਕਰੀਬ 34 ਸਾਲ) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕਰੀਬ ਅੱਠ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ। ਉੱਥੇ ਉਸਨੇ ਆਪਣਾ ਕਾਰੋਬਾਰ ਸਥਾਪਿਤ ਕੀਤਾ ਹੋਇਆ ਸੀ ਅਤੇ ਨਾਲ ਹੀ ਆਪਣੀ ਨਿੱਜੀ ਕਾਰ ਰਾਹੀਂ ਊਬਰ ਸੇਵਾ ਵੀ ਦਿੰਦਾ ਸੀ।

7 ਫਰਵਰੀ ਨੂੰ ਵਾਪਰੇ ਇਸ ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁਝ ਸਵਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਛੱਡਣ ਜਾ ਰਿਹਾ ਸੀ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਉਸਨੂੰ ਅਚਾਨਕ ਦੌਰਾ ਪੈ ਗਿਆ, ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਰੀੜ੍ਹ ਦੀ ਹੱਡੀ ਨੂੰ ਵੀ ਨੁਕਸਾਨ ਪਹੁੰਚਿਆ।
ਉਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਸਦੀ ਹਾਲਤ ਵਿੱਚ ਸੁਧਾਰ ਆ ਰਿਹਾ ਸੀ ਅਤੇ ਇੱਕ-ਦੋ ਦਿਨਾਂ ਵਿੱਚ ਉਸਦੇ ਘਰ ਪਰਤਣ ਦੀ ਉਮੀਦ ਸੀ। ਹਾਲਾਂਕਿ ਇਲਾਜ ਦੌਰਾਨ ਹੀ ਉਸਨੂੰ ਦੁਬਾਰਾ ਅਟੈਕ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।












