
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਖੇਮਕਰਨ ਦੇ ਅਮਰਕੋਟ ਦਾਣਾ ਮੰਡੀ ‘ਚ ਦੂਜੀ ਵਿਸ਼ਾਲ ਰੈਲੀ ਕੀਤੀ ਗਈ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਝਾੜੂ ਵਾਲਿਆਂ ਨੇ ਕਰੋੜਾਂ ਰੁਪਏ ਲੈ ਕੇ ਪੰਜਾਬ ਦੀਆਂ ਰਾਜ ਸਭਾ ਦੀਆਂ ਸੀਟਾਂ ਦਿੱਲੀ ਤੇ ਯੂਪੀ ਵਾਲਿਆਂ ਨੂੰ ਵੇਚੀਆਂ ਅਤੇ ਇਹ ਦਿੱਲੀ ਦੇ ਕਰਿੰਦੇ ਰਾਜ ਸਭਾ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਖ਼ਾਮੋਸ਼ ਰਹਿੰਦੇ ਹਨ। ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਲ ਕਨੈਕਸ਼ਨਾਂ ਨਹੀਂ ਹਨ ,ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਇੱਕ ਹਫ਼ਤੇ ਦੇ ਅੰਦਰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। ‘ਪੰਜਾਬ ‘ਚੋਂ ਲੰਘਦੇ ਸਾਰੇ ਦਰਿਆਵਾਂ ਦੇ ਬੰਨ੍ਹ ਪੱਕੇ ਕੀਤੇ ਜਾਣਗੇ। ਬਾਰਡਰ ਏਰੀਏ ‘ਚ ਜੋ ਲੋਕ 50 ਸਾਲਾਂ ਤੋਂ ਸਰਕਾਰੀ ਜ਼ਮੀਨਾਂ ਵਾਹ ਰਹੇ ਹਨ, ਉਨ੍ਹਾਂ ਨੂੰ ਉਸ ਜ਼ਮੀਨ ਦੀ ਮਾਲਕੀ ਦਿੱਤੀ ਜਾਵੇਗੀ। ਜ਼ਮੀਨਾਂ ਦੇ ਸਾਂਝੇ ਖ਼ਾਤਿਆਂ ਦੀ ਤਕਸੀਮ ਮੁਫ਼ਤ ਕਰਵਾਈ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ 4 ਰੁਪਏ ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਮੁਹੱਈਆ ਕਰਵਾਈ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਧੀ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਅਕਾਲੀ ਸਰਕਾਰ ਬਣਦਿਆਂ ਸਾਰ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਸਿਰਫ਼ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਰਾਖਵੀਆਂ ਕਰਨ ਵਾਲਾ ਕਾਨੂੰਨ ਲਿਆਂਦਾ ਜਾਵੇਗਾ। ਮੋਟਰਸਾਈਕਲ ‘ਤੇ ਟੈਕਸ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਵਿਆਜ-ਮੁਕਤ ਲੋਨ ਦਿੱਤਾ ਜਾਵੇਗਾ, ਜਿਸ ਦਾ ਵਿਆਜ ਸਰਕਾਰ ਭਰੇਗੀ। ਹਰ ਹਲਕੇ ਵਿੱਚ ਇੱਕ ਮੈਰੀਟੋਰੀਅਸ ਸਕੂਲ ਬਣਾਇਆ ਜਾਵੇਗਾ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ 50% ਸੀਟਾਂ ਪੰਜਾਬੀ ਬੱਚਿਆਂ ਲਈ ਰਾਖਵੀਆਂ ਹੋਣਗੀਆਂ। ਹਰ ਜ਼ਿਲ੍ਹੇ ਵਿੱਚ ਸਕਿੱਲ ਅਤੇ ਵੈਟਨਰੀ ਯੂਨੀਵਰਸਿਟੀਆਂ/ਕਾਲਜ ਬਣਾਏ ਜਾਣਗੇ। ਪੰਜਾਬ ਦੀ ਸ਼ਾਨ ‘ਵਰਲਡ ਕੱਪ ਕਬੱਡੀ’ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।










