
ਸੰਗਰੂਰ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਮੁਲਾਜ਼ਮ ਸਬ-ਇੰਸਪੈਕਟਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮੇਵਾ ਸਿੰਘ ਸੰਗਰੂਰ ਦੇ ਸਾਈਬਰ ਸੈੱਲ ਵਿੱਚ ਤਾਇਨਾਤ ਸੀ। ਬਠਿੰਡਾ ਦੇ ਪਿੰਡ ਕੋਠੇ ਮਹਾਂ ਸਿੰਘ ਵਾਲਾ ਦੇ ਇੱਕ ਵਿਅਕਤੀ ਨੇ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਵਿਰੁੱਧ ਸੰਗਰੂਰ ਪੁਲੀਸ ਥਾਣੇ ਦੇ ਸਾਈਬਰ ਸੈੱਲ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ ਅਤੇ ਮੇਵਾ ਸਿੰਘ ਇਸ ਮਾਮਲੇ ਦਾ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਸਬ-ਇੰਸਪੈਕਟਰ ਨੇ ਉਸ ਦੀ ਪਤਨੀ ਨੂੰ ਕੇਸ ਵਿੱਚੋਂ ਕਢਵਾਉਣ ਲਈ 50,000 ਰੁਪਏ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਜਾਲ ਵਿਛਾਇਆ। ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।












