
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ਹੈਪੀ ਦਾ ਦਿਨ-ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਪੀੜਤ ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਦੱਸ ਦਈਏ ਕਿ ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਹਮਲਾਵਰਾਂ ਨੇ ਸਰਪੰਚ ’ਤੇ ਤਾਬੜਤੋੜ ਫਾਇਰਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੂੰ 6 ਤੋਂ 7 ਗੋਲੀਆਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਆਪਸੀ ਰੰਜਿਸ਼ ਦਾ ਨਤੀਜਾ ਹੈ। ਹੈਪੀ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਉਹ ਆਮ ਤੌਰ ’ਤੇ ਬੁਲੇਟਪਰੂਫ਼ ਗੱਡੀ ਦੀ ਵਰਤੋਂ ਕਰਦੇ ਸਨ। ਪਰ ਘਟਨਾ ਵਾਲੇ ਦਿਨ ਉਹ ਆਪਣੀ ਮਹਿੰਦਰਾ ਥਾਰ ਗੱਡੀ ਵਿੱਚ ਸਵਾਰ ਸਨ, ਜਿਸਦਾ ਫਾਇਦਾ ਉਠਾਉਂਦਿਆਂ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬਾਘਾਪੁਰਾਣਾ ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਸੋਮਵਾਰ ਤੱਕ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।












