
ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਪਿੰਡ ਜੈਖਰ ਨੇੜੇ ਪਰਾਲੀ ਦੀਆਂ ਗੰਢਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਅਧਿਆਪਕ ਦੀ ਮੌਤ ਹੋ ਗਈ। ਬਾਦਸ਼ਾਹਪੁਰ ਪੁਲੀਸ ਚੌਕੀ ਦੇ ਏ ਐੱਸ ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਕਰਮਜੀਤ ਸਿੰਘ (28) ਵਾਸੀ ਪਿੰਡ ਚੀਚੜਵਾਲ ਦੇ ਪਿਤਾ ਚਰਨ ਦਾਸ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਵਿਕਰਮਜੀਤ ਸਿੰਘ ਯੋਗ ਕਲਾਸ ਲੈਣ ਲਈ ਸਕੂਲ ਜਾ ਰਿਹਾ ਸੀ। ਜਦੋਂ ਉਹ ਪਿੰਡ ਜੈਖਰ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਚਾਲਕ ਨੇ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਟੱਕਰ ਇੰਨੀ ਜਬਰਦਸਤ ਸੀ ਕਿ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਟਰੈਕਟਰ-ਟਰਾਲੀ ਚਾਲਕ ਫ਼ਰਾਰ ਹੋ ਗਿਆ। ਪੁਲੀਸ ਅਧਿਕਾਰੀਆਂ ਅਨੁਸਾਰ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।












