
ਚੰਡੀਗੜ੍ਹ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਬੀਤੀ ਰਾਤ ਲਾਲਜੀਤ ਭੁੱਲਰ ਦੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰੀ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮਾਮਲੇ ਦੀ ਖੁਦ ਜਾਂਚ ਕਰਾਂਗੇ। ਪੰਜਾਬ ਪੁਲਿਸ ਹਰ ਜਾਂਚ ਦੇ ਕਾਬਿਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਮਲੇ ਵਿੱਚ ਮੰਤਰੀ ਦਾ ਅਸਤੀਫਾ ਵੀ ਲੈ ਲਿਆ ਹੈ ਅਤੇ ਗ੍ਰਿਫਤਾਰੀ ਵੀ ਹੋ ਗਈ ਹੈ। ਉਹਨਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਕਿਉਂ ਨਹੀਂ ਹੋਈ। ਹਰਿਆਣਾ ਵਿੱਚ ਏਡੀਜੀਪੀ ਦੀ ਮੌਤ ਦੀ ਜਾਖੜ ਨੇ ਸੀਬੀਆਈ ਜਾਂਚ ਨੇ ਕਿਉਂ ਨਹੀਂ ਮੰਗੀ ਗਈ। ਨਾਲ ਹੀ ਰਾਜਾ ਵੜਿੰਗ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ’ਤੇ ਵੀ ਸੀਐੱਮ ਮਾਨ ਭੜਕਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਵੜਿੰਗ ਦਾ ਨਾਂਅ ਲੈ ਕੇ ਪੂਰੇ ਪਰਿਵਾਰ ਨੇ ਖੁਦਕੁਸ਼ੀ ਕੀਤੀ ਸੀ। ਵੜਿੰਗ ਖਿਲਾਫ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ। ਵੜਿੰਗ ਖਿਲਾਫ ਸੀਬੀਆਈ ਜਾਂਚ ਕਿਉਂ ਨਹੀਂ ਹੋਈ।

ਦੱਸ ਦਈਏ ਕਿ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਰਾਤ ਨੂੰ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪਣੀ ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਨਾਮ ਲਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਦਬਾਅ ਹੇਠ, ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਵਿਰੁੱਧ ਕੇਸ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਹੁਣ ਡੀਐਮ ਗਗਨਦੀਪ ਸਿੰਘ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਪੋਸਟਮਾਰਟਮ ਅਤੇ ਅੰਤਿਮ ਰਸਮਾਂ ਦੇ ਲਈ ਮੰਨਿਆ ਹੈ। ਉੱਥੇ ਹੀ ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।











