
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋਂ ਇਕ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜੋ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸਾਂਝੀ ਕੀਤੀ ਹੈ। ਵੀਡੀਓ ਵਿੱਚ ਗੋਲੀਆਂ ਦੀ ਆਵਾਜ਼ ਸਾਫ਼ ਸੁਣਾਈ ਦੇ ਰਹੀ ਹੈ।

ਜਾਣਕਾਰੀ ਅਨੁਸਾਰ, ਲਗਭਗ 9 ਤੋਂ 10 ਰਾਉਂਡ ਗੋਲੀਆਂ ਚਲਾਈਆਂ ਗਈਆਂ। ਘਰ ਦੇ ਬਾਹਰ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦੋਂ ਕਿ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਥਾਨ ਤੋਂ ਖਾਲੀ ਗੋਲੀਆਂ ਦੇ ਖੋਲ ਵੀ ਮਿਲੇ ਹਨ। ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਘਟਨਾ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਰੋਪੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਘਟਨਾ ਸਬੰਧੀ ਸਰਕਾਰ ਅਤੇ ਪੁਲਿਸ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਤੁਰੰਤ ਸੁਧਾਰਣ, ਕਿਉਂਕਿ ਆਮ ਲੋਕ ਡਰ ਦੇ ਸਾਏ ਹੇਠ ਰਹਿਣ ਲਈ ਮਜਬੂਰ ਹਨ।
ਸੂਚਨਾ ਮਿਲਣ ‘ਤੇ ਮਜੀਠਾ ਪੁਲਿਸ ਸਟੇਸ਼ਨ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ, ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਰਿਕਾਰਡਿੰਗਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।












