
ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ, ਪਰਿਵਾਰ ਦੇ ਦੋ ਹੋਰ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪਰਿਵਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੰਦਰ ਤੋਂ ਮੱਥਾ ਟੇਕ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਚਸ਼ਮਦੀਦਾਂ ਮੁਤਾਬਕ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਚਾਰੇ ਸਵਾਰ ਸੜਕ ’ਤੇ ਜਾ ਡਿੱਗੇ।

ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਮਦਦ ਦੀ ਕੋਸ਼ਿਸ਼ ਕੀਤੀ, ਪਰ ਮਾਂ ਅਤੇ ਪੁੱਤਰ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਮ੍ਰਿਤਕ ਮਹਿਲਾ ਦੇ ਪਤੀ ਅਤੇ ਬੇਟੀ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












