
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਵਿੱਚ ਪੈਂਦੇ ਪਿੰਡ ਹਰਚੰਦਪੁਰ ਸਥਿਤ ਗਊਸ਼ਾਲਾ ਵਿੱਚ ਅਚਾਨਕ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਕਾਰਨ ਹਜ਼ਾਰਾਂ ਕੁਇੰਟਲ ਤੂੜੀ ਸੜ ਕੇ ਸੁਆਹ ਹੋ ਗਈ। ਇਹ ਤੂੜੀ ਗਊਆਂ ਦੇ ਚਾਰੇ ਲਈ ਸੰਭਾਲੀ ਹੋਈ ਸੀ। ਗਊਸ਼ਾਲਾ ਕਮੇਟੀ ਧੂਰੀ ਦੇ ਪ੍ਰਧਾਨ ਸੰਜੈ ਸਿੰਗਲਾ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਵੇਲੇ ਬਿਜਲੀ ਦੀਆਂ ਤਾਰਾਂ ਭਿੜਨ ਕਾਰਨ ਵਾਪਰਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦਿਆਂ ਹੀ ਪੂਰੇ ਕੰਪਲੈਕਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਲਗਪਗ 10 ਤੋਂ 11 ਹਜ਼ਾਰ ਕੁਇੰਟਲ ਤੂੜੀ ਸੜ ਗਈ ਅਤੇ ਵੱਡਾ ਸ਼ੈੱਡ ਨੁਕਸਾਨਿਆ ਗਿਆ। ਕਮੇਟੀ ਦੇ ਅਹੁਦੇਦਾਰਾਂ ਅਨੁਸਾਰ ਅੱਗ ਕਾਰਨ ਗਊਸ਼ਾਲਾ ਦਾ ਤਕਰੀਬਨ ਇੱਕ ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਖ਼ਬਰ ਮਿਲਦੇ ਹੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪ੍ਰਬੰਧਕਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਜਾਣੂ ਕਰਵਾਇਆ ਜਾਵੇਗਾ। ਗਊਸ਼ਾਲਾ ਦੇ ਪ੍ਰਬੰਧਕਾਂ ਅਤੇ ਸਥਾਨਕ ਆਗੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਔਖੀ ਘੜੀ ਵਿੱਚ ਗਊਸ਼ਾਲਾ ਦੀ ਬਾਂਹ ਫੜੀ ਜਾਵੇ। ਉਨ੍ਹਾਂ ਕਿਹਾ ਕਿ ਗਊਆਂ ਦੇ ਚਾਰੇ ਅਤੇ ਰਹਿਣ-ਸਹਿਣ ਦਾ ਵੱਡਾ ਸੰਕਟ ਪੈਦਾ ਹੋ ਗਿਆ ਹੈ, ਇਸ ਲਈ ਸਰਕਾਰ ਤੁਰੰਤ ਵਿਸ਼ੇਸ਼ ਗਰਾਂਟ ਜਾਂ ਮੁਆਵਜ਼ੇ ਦਾ ਐਲਾਨ ਕਰੇ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਨੇ ਘਟਨਾ ’ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਘਟਨਾ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਦੀ ਪਾਰਟੀ ਵੱਧ ਤੋਂ ਵੱਧ ਮਦਦ ਕਰਨ ਦੀ ਕੋਸ਼ਿਸ਼ ਕਰੇਗੀ।












