
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਵੱਧਣ ਕਾਰਨ ਤਾਪਮਾਨ ਦਿਨ-ਪ੍ਰਤੀ-ਦਿਨ ਵੱਧ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਹੈ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਵਿੱਚ ਸਭ ਤੋਂ ਵੱਧ 44.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਪਾਰਾ 41.0 ਡਿਗਰੀ ਤੱਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਵੱਲੋਂ 25 ਅਪ੍ਰੈਲ ਲਈ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ ਅਤੇ ਗਰਮ ਹਵਾਵਾਂ ਅਤੇ ਤਪਦੀਆਂ ਰਾਤਾਂ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਵਰਗੇ ਸ਼ਹਿਰਾਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਬਾਹਰ ਨਿਕਲਣ ਵਿੱਚ ਭਾਰੀ ਮੁਸ਼ਕਲ ਹੋ ਰਹੀ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਹੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸਿੱਧੀ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ, 26 ਅਪਰੈਲ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਨਾਲ 26 ਤੋਂ 30 ਅਪਰੈਲ ਦੇ ਦਰਮਿਆਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਤੇਜ਼ ਹਵਾਵਾਂ ਅਤੇ ਗਰਜ-ਚਮਕ ਹੋ ਸਕਦੀ ਹੈ। ਖਾਸ ਕਰਕੇ 26 ਅਪਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 28 ਅਪਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਹੋਣ ਨਾਲ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਪੂਰੀ ਉਮੀਦ ਹੈ।












