
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਬੇਗੋਵਾਲ ਬਾਜ਼ਾਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜ਼ਰ ਆਇਆ, ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਾਜ਼ਾਰ ਵਿੱਚ ਦੋ ਨੌਜਵਾਨਾਂ ਵਿੱਚ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਜਿੱਥੇ ਇੱਕ ਨੌਜਵਾਨ ਨੇ ਇਕ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ ‘ਤੇ ਵਾਰ ਕਰ ਦਿਤਾ, ਜੋ ਬੁਰੀ ਤਰਾਂ ਨਾਲ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਇਸ ਮੌਕੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਹਨਾਂ ਦਸਿਆ ਕਿ ਹਮਲਾਵਰ ਫਰਾਰ ਦੱਸਿਆ ਜਾ ਰਿਹਾ ਹੈ, ਜਿਸਨੂੰ ਜਲਦ ਕਾਬੂ ਕਰ ਲਿਆ ਜਾਵੇਗਾ।












