
ਖਰੜ (ਦ ਸਟੈਲਰ ਨਿਊਜ਼)। ਹਰਿਆਣਾ ਹਾਈਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਇਹ ਫੈਸਲਾ ਉਸ ਸਮੇਂ ਆਇਆ ਜਦੋਂ ਵੱਖ-ਵੱਖ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ, ਖਰੜ ਦੇ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਰਹੇ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ, ਪ੍ਰਸ਼ਾਸਨ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਇਹ ਪਾਬੰਦੀ ਖਰੜ ਸ਼ਹਿਰ ਦੇ ਨਾਲ ਲੱਗਦੇ ਛੇ ਪਿੰਡਾਂ: ਤ੍ਰਿਪੜੀ, ਦਾਊ ਮਾਜਰਾ, ਭੂਖੜੀ, ਟੋਲੇ ਮਾਜਰਾ, ਪੀਰ ਸੋਹਾਣਾ ਅਤੇ ਰਡਿਆਲਾ ਦੇ ਵਸਨੀਕਾਂ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਲਗਾਈ ਗਈ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਿੰਡਾਂ ਨੂੰ ਨਗਰ ਕੌਂਸਲ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਸੀ, ਜਿਸ ਨਾਲ ਉਨ੍ਹਾਂ ਦੀਆਂ ਪੰਚਾਇਤਾਂ ਭੰਗ ਹੋ ਗਈਆਂ ਸੀ।

ਹਾਲਾਂਕਿ, ਚੋਣਾਂ ਲਈ ਨੋਟੀਫਿਕੇਸ਼ਨ ਵਿੱਚ ਨਵੇਂ ਵਾਰਡਬੰਦੀ ਸ਼ਾਮਲ ਨਹੀਂ ਸਨ। ਨਤੀਜੇ ਵਜੋਂ, ਇਨ੍ਹਾਂ ਪਿੰਡਾਂ ਦੇ ਵਸਨੀਕ ਨਗਰ ਕੌਂਸਲ ਚੋਣਾਂ ਵਿੱਚ ਵੋਟ ਪਾਉਣ ਤੋਂ ਅਸਮਰੱਥ ਸਨ। ਇਹਨਾ ਪਿੰਡਾਂ ਨੂੰ ਖਰੜ ਨਗਰ ਕੌਂਸਲ ’ਚ ਸ਼ਾਮਿਲ ਕਰਨ ਦੇ ਬਾਅਦ ਵੀ ਇਨ੍ਹਾਂ ਪਿੰਡਾਂ ਨੂੰ ਹੁਣ ਹੋਣ ਵਾਲੀ ਚੋਣ ’ਚ ਕਿਸੇ ਵੀ ਵਾਰਡ ’ਚ ਸ਼ਾਮਿਲ ਨਹੀਂ ਕੀਤਾ ਗਿਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਨਵੀਂ ਵਾਰਡਬੰਦੀ ਪੂਰੀ ਹੋਣ ਤੱਕ ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਨਵੀਂ ਹੱਦਬੰਦੀ ਪੂਰੀ ਹੋਣ ਤੱਕ ਨਗਰ ਕੌਂਸਲ ਦਾ ਕੰਮਕਾਜ ਇੱਕ ਪ੍ਰਸ਼ਾਸਕ ਦੀ ਨਿਗਰਾਨੀ ਹੇਠ ਰਹੇਗਾ। ਪੰਜਾਬ ਸਰਕਾਰ ਪਹਿਲਾਂ ਹੀ ਐਸਡੀਐਮ ਖਰੜ ਨੂੰ ਨਗਰ ਕੌਂਸਲ ਦਾ ਪ੍ਰਸ਼ਾਸਕ ਨਿਯੁਕਤ ਕਰ ਚੁੱਕੀ ਹੈ।











