
ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿਚ ਇੱਕ ਵਿਅਕਤੀ ਵੱਲੋਂ ਸ਼ਰਮਨਾਕ ਦੀਆਂ ਹੱਦਾਂ ਪਾਰ ਕਰਨ ਦਾ ਮਾਮਲਾ ਸਾਹਮਣੇ ਆਈਆ ਹੈ, ਜਿਥੇ 9 ਸਾਲ ਦੀ ਬੱਚੀ ਨੂੰ ਜ਼ਬਰ-ਜਨਾਹ ਤੋ ਬਾਅਦ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਗੁਆਂਢ ਦੇ ਘਰ ਦੇ ਨੇੜੇ ਰਹਿੰਦੇ ਇੱਕ 40 ਸਾਲ ਦੇ ਪ੍ਰਵਾਸੀ ਵਿਅਕਤੀ ਨੇ 9 ਸਾਲ ਦੀ ਮਾਸੂਮ ਬੱਚੀ ਨਾਲ ਪਹਿਲਾਂ ਜਬਰ-ਜਨਾਹ ਕੀਤਾ ਅਤੇ ਬਾਅਦ ਵਿੱਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਵੱਲੋਂ ਲਾਸ਼ ਨੂੰ ਗਾਡਰ ਨਾਲ ਲਟਕਾਉਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ।
ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਦੋਵੇਂ ਭੈਣਾਂ ਇਕੱਲੀਆਂ ਮੌਜੂਦ ਸਨ। ਇਸ ਦੌਰਾਨ ਘਰ ਦੇ ਨੇੜੇ ਰਹਿੰਦਾ ਇੱਕ ਪ੍ਰਵਾਸੀ ਘਰ ਅੰਦਰ ਦਾਖਲ ਹੋ ਗਿਆ। ਪਰਿਵਾਰ ਦੇ ਅਨੁਸਾਰ ਆਰੋਪੀ ਨੇ 9 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਵਰੁਣ ਸ਼ਰਮਾ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।












