
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਕੇਰੀਆਂ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਮੁਕੇਰੀਆਂ ਦੇ ਇੱਕ ਗੈਸਟ ਹਾਊਸ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਮਹਿਲਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਠਾਨਕੋਟ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਦੋ ਮਹਿਲਾਵਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਸਕੂਟੀ ਨੂੰ ਆਪਣੇ ਨਾਲ ਘਸੀਟਦਾ ਹੋਇਆ ਕਰੀਬ 500 ਮੀਟਰ ਤੱਕ ਲੈ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦੋਵੇਂ ਮਹਿਲਾਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਨਛੱਤਰ ਸਿੰਘ ਅਤੇ ਐੱਸਐੱਚਓ ਪ੍ਰਿੰਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਹਾਈਡਰਾ ਮਸ਼ੀਨ ਦੀ ਮਦਦ ਨਾਲ ਟਰੱਕ ਹੇਠਾਂ ਫਸੀ ਸਕੂਟੀ ਨੂੰ ਬਾਹਰ ਕੱਢਿਆ ਅਤੇ ਮੌਕੇ ਦਾ ਜਾਇਜ਼ਾ ਲਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਟਰੱਕ ਨੂੰ ਰੋਕ ਕੇ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।












