Thursday, September 24, 2026
Home Crime ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਵੀ 2 ਨਾਬਾਲਿਗ ਕੁੜੀਆਂ ਲਾਪਤਾ, ਪੁਲਿਸ...

ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਵੀ 2 ਨਾਬਾਲਿਗ ਕੁੜੀਆਂ ਲਾਪਤਾ, ਪੁਲਿਸ ਜਾਂਚ ਜਾਰੀ

ਅੰਮ੍ਰਿਤਸਰ (ਦ ਸਟੈਲ ਨਿਊਜ਼)। ਅੰਮ੍ਰਿਤਸਰ ਵਿੱਚ ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿੱਚ 18 ਕੁੜੀਆਂ ਦੇ ਗਾਇਬ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੀ ਦੋ ਨਾਬਾਲਿਗ ਕੁੜੀਆਂ ਦੇ ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਦੋਵੇਂ ਕੁੜੀਆਂ ਦੀ ਉਮਰ 14 ਅਤੇ 17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਹਨ। 

Advertisements

ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਪਿਊਟਰ ਕੋਚਿੰਗ ਸੈਂਟਰ ਲਈ ਘਰੋਂ ਨਿਕਲੀਆਂ ਸਨ। ਪਰ ਜਦੋਂ ਕੋਚਿੰਗ ਦੀਆਂ ਕਲਾਸਾਂ ਸਮਾਪਤ ਹੋਣ ਤੋਂ ਬਾਅਦ ਵੀ ਉਹ ਘਰ ਵਾਪਸ ਨਾ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਪੀੜਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਕੁੜੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਬਹੁਤ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ। ਪਰਿਵਾਰਾਂ ਨੇ ਅੰਮ੍ਰਿਤਸਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੁੜੀਆਂ ਦੀ ਭਾਲ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ।

ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਨਾਬਾਲਿਗ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਮਾਪਿਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਲੋਕਾਂ ਨੇ ਪੁਲਿਸ ਤੋਂ ਅਜਿਹੇ ਮਾਮਲਿਆਂ ਵਿੱਚ ਹੋਰ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ, ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਅਤੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਪੁਲਿਸ ਟੀਮਾਂ ਨੂੰ ਕੁੜੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here