Monday, October 12, 2026
Home Crime ਮਲੇਸ਼ੀਆ ਤੋਂ ਡਿਪੋਰਟ 2 ਕਾਰਕੁਨਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

ਮਲੇਸ਼ੀਆ ਤੋਂ ਡਿਪੋਰਟ 2 ਕਾਰਕੁਨਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲੀਸ ਦੇ ਸਹਿਯੋਗ ਨਾਲ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਗਿਆ ਹੈ।

Advertisements

ਪੰਜਾਬ ਪੁਲੀਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਅੰਬਾਲਾ ਅਤੇ ਮਨਜੀਤ ਸਿੰਘ ਵਾਸੀ ਪਟਿਆਲਾ, ਦੋਵੇਂ ਮਲੇਸ਼ੀਆ ਵਿੱਚ ਬੈਠੇ KZF ਸਮਰਥਿਤ ਅੱਤਵਾਦੀ ਮਾਡਿਊਲ ਦੇ ਅਹਿਮ ਕੜੀ ਸਨ, ਜੋ ਪੰਜਾਬ ਵਿੱਚ ਡੈਡੀਕੇਟਿਡ ਫ੍ਰੇਟ ਕੋਰੀਡੋਰ (DFC) ਸਮੇਤ ਮਹੱਤਵਪੂਰਨ ਰੇਲਵੇ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।

ਇਸ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ 23 ਜਨਵਰੀ 2026 ਨੂੰ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇੜੇ ਰੇਲਵੇ ਫਰੇਟ ਕੋਰੀਡੋਰ ਲਾਈਨ ‘ਤੇ ਹੋਏ ਆਈ.ਈ.ਡੀ. (IED) ਧਮਾਕੇ ਅਤੇ 27 ਅਪਰੈਲ 2026 ਨੂੰ ਸ਼ੰਭੂ ਜ਼ਿਲ੍ਹਾ ਪਟਿਆਲਾ ਨੇੜੇ ਇਸੇ ਕੋਰੀਡੋਰ ‘ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਅਤਿਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਸੀ।

ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਸੀ, ਜਿਸ ਵਿੱਚ RPG ਲਾਂਚਰ, IED, RDX, ਹੈਂਡ ਗ੍ਰਨੇਡ ਸਮੇਤ ਆਧੁਨਿਕ ਪਿਸਤੌਲਾਂ ਸ਼ਾਮਲ ਹਨ।

ਅਗਲੇਰੀ ਜਾਂਚ ਦੌਰਾਨ ਇਸ ਅੰਤਰਰਾਸ਼ਟਰੀ ਸਾਜ਼ਿਸ਼ ਵਿੱਚ ਮਲੇਸ਼ੀਆ ਵਿੱਚ ਬੈਠੇ KZF ਹੈਂਡਲਰਾਂ ਅਤੇ ਵਿੱਤੀ ਸਹਿਯੋਗੀਆਂ ਦੀ ਭੂਮਿਕਾ ਸਾਹਮਣੇ ਆਈ ਹੈ। ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਵਿਦੇਸ਼ੀ ਬੈਂਕ ਖਾਤਿਆਂ ਰਾਹੀਂ KZF ਆਪਰੇਟਿਵਜ਼ ਤੱਕ ਅਤਿਵਾਦੀ ਫੰਡ ਪਹੁੰਚਾਉਣ, ਪੰਜਾਬ ਵਿੱਚ ਅੱਤਵਾਦੀ ਹਮਲਿਆਂ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਅਤੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਪਾਈ ਗਈ ਹੈ।

ਦੋਵਾਂ ਮੁਲਜ਼ਮਾਂ ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਬਾਕੀ ਲੋਕਾਂ ਦੀ ਪਹਿਚਾਣ ਕਰਨ ਲਈ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here