Saturday, October 10, 2026
Home Crime ਵਿਜੀਲੈਂਸ ਦੀ ਕਾਰਵਾਈ, 1 ਲੱਖ ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਦੀ ਕਾਰਵਾਈ, 1 ਲੱਖ ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਲੁਧਿਆਣਾ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ ‘ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ। ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ ‘ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ।

Advertisements

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here