Monday, October 26, 2026
Home Crime ਦੋਸਤ ਦੇ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਕ ਆਰੋਪੀ...

ਦੋਸਤ ਦੇ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਕ ਆਰੋਪੀ ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਅਧੀਨ ਪੈਂਦੇ ਆਦਮਪੁਰ ਦੇ ਪਿੰਡ ਡਰੌਲੀ ਕਲਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਦਵਿੰਦਰ ਉਰਫ਼ ਬਾਜਾ ਵਜੋਂ ਹੋਈ ਹੈ, ਜੋ ਕਿ ਆਦਮਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਦੋਸਤ ਦੇ ਘਰ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ‘ਤੇ ਐਸਐਸਪੀ ਹਰਵਿੰਦਰ, ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Advertisements

ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਦਵਿੰਦਰ ਉਰਫ਼ ਬਾਜਾ ਸਵੇਰੇ 11 ਵਜੇ ਦੇ ਕਰੀਬ ਡਰੌਲੀ ਕਲਾ ਪਿੰਡ ਵਿੱਚ ਆਪਣੇ ਦੋਸਤ ਮਨਪ੍ਰੀਤ ਸਿੰਘ ਉਰਫ਼ ਗੰਗੂ ਨੂੰ ਮਿਲਣ ਆਇਆ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਤਿੰਨ ਨੌਜਵਾਨ ਬਾਈਕ ‘ਤੇ ਆਏ ਅਤੇ ਅੰਦਰ ਚਲੇ ਗਏ। ਉਨ੍ਹਾਂ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ।

ਹਮਲੇ ਦੌਰਾਨ ਸੱਤ ਤੋਂ ਅੱਠ ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ਵਿੱਚੋਂ ਚਾਰ ਗੋਲੀਆਂ ਦਵਿੰਦਰ ਨੂੰ ਲੱਗੀਆਂ, ਜੋਕਿ ਉਸ ਦੀ ਲੱਤ, ਪੇਟ ਅਤੇ ਸਿਰ ਵਿੱਚ ਲੱਗੀਆਂ। ਗੰਭੀਰ ਰੂਪ ਵਿੱਚ ਜ਼ਖਮੀ ਦਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ, ਸਾਰੀ ਘਟਨਾ ਅਤੇ ਦੋਸ਼ੀ ਦੇ ਭੱਜਣ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਹਰਵਿੰਦਰ ਸਿੰਘ ਵਿਰਕ, ਪੁਲਿਸ ਸੁਪਰਡੈਂਟ (ਐਸਪੀ) ਅਤੇ ਡੀਐਸਪੀ ਸਮੇਤ ਹੋਰ ਪੁਲਿਸ ਅਧਿਕਾਰੀਆਂ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀ ਮਨਪ੍ਰੀਤ ਸਿੰਘ ਉਰਫ ਗੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਪਰਾਧ ਵਿੱਚ ਵਰਤਿਆ ਗਿਆ ਪਿਸਤੌਲ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਕਤਲ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here