
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਓ-ਪੁੱਤ ਵਿਚਾਲੇ ਹੋਇਆ ਝਗੜਾ ਖੂਨੀ ਰੂਪ ਧਾਰ ਗਿਆ। ਝਗੜੇ ਦੌਰਾਨ ਪਿਉ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੰਬੰਧਿਤ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਵਾਸੀਆਂ ਦੇ ਅਨੁਸਾਰ, ਬੀਤੀ ਰਾਤ ਮੇਹਰਜੀਤ ਸਿੰਘ ਅਤੇ ਉਸ ਦੇ ਪੁੱਤ ਲਵਪ੍ਰੀਤ ਸਿੰਘ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜੋ ਬਾਅਦ ਵਿੱਚ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਮੇਹਰਜੀਤ ਸਿੰਘ ਦੀ ਮੌਤ ਹੋ ਗਈ।

ਡੀਐਸਪੀ ਬਾਘਾਪੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿੰਡ ਰੋਡੇ ਤੋਂ ਪਿਓ-ਪੁੱਤ ਵਿਚਾਲੇ ਝਗੜੇ ਦੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿਉ ਆਪਣੇ ਪੁੱਤ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ, ਜੋ ਬਾਅਦ ਵਿੱਚ ਲੜਾਈ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਪਿਉ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












