
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਬਿਲਾਸਪੁਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕੈਨੇਡਾ ਗਏ ਨੌਜਵਾਨ ਮਹਿਕਪ੍ਰੀਤ ਸਿੰਘ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮਹਿਕਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ। ਪਰਿਵਾਰ ਨੇ ਉਸ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਪੜ੍ਹਾਈ ਲਈ ਭੇਜਿਆ ਸੀ।

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਸਿਰ ਉੱਪਰ ਪਿਤਾ ਦਾ ਸਾਇਆ ਵੀ ਨਹੀਂ ਸੀ। ਪੁੱਤ ਦਾ ਸੁਨਹਿਰੀ ਭਵਿੱਖ ਬਨਾਉਣ ਦੇ ਮਕਸਦ ਨਾਲ ਮਾਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।
ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਮਹਿਕਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇ, ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਦਾ ਅੰਤਿਮ ਸਸਕਾਰ ਆਪਣੇ ਵਤਨ ਵਿੱਚ ਕਰ ਸਕਣ।












