
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। PRTC ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਵੱਲ ਕੂਚ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫ਼ੈਸਲਾ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਲਿਆ ਹੈ।

ਦੱਸ ਦਈਏ ਕਿ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ 3 ਤੋਂ 5 ਅਗਸਤ ਤੱਕ ਬੱਸਾਂ ਦੀ ਹੜਤਾਲ ਕਰਨ ਅਤੇ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ 3 ਦਿਨਾ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਵੱਲੋਂ ਯੂਨੀਅਨ ਨੂੰ ਦੂਜੀ ਵਾਰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸਤੋਂ ਪਹਿਲਾਂ ਹੜਤਾਲ ਸ਼ੁਰੂ ਹੋਣ ਦੇ ਪਹਿਲੇ ਦਿਨ ਵੀ ਮੀਟਿੰਗ ਕੀਤੀ ਗਈ ਸੀ, ਜੋ ਕਿ ਬੇਸਿੱਟਾਂ ਰਹੀ ਸੀ।
ਮੰਗਲਵਾਰ, ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨ ਨਾਲ ਦੂਜੀ ਵਾਰ ਮੰਗਾਂ ਦੇ ਹੱਲ ਸਬੰਧੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਮੁਲਾਜ਼ਮਾਂ ਵੱਲੋਂ ਮੰਗਾਂ ਮੰਨੇ ਜਾਣ ਸਬੰਧੀ ਲਿਖਤੀ ਤੌਰ ‘ਤੇ ਦੇਣ ਦੀ ਮੰਗ ਕੀਤੀ ਗਈ ਸੀ, ਪਰੰਤੂ ਸਰਕਾਰ ਵੱਲੋਂ ਲਿਖਤੀ ਭਰੋਸਾ ਨਾ ਦਿੱਤੇ ਜਾਣ ‘ਤੇ ਇਹ ਮੀਟਿੰਗ ਮੁੜ ਖਟਾਈ ਵਿੱਚ ਪੈ ਗਈ ਸੀ। ਰੋਸ ਵੱਜੋਂ ਯੂਨੀਅਨ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦਾ ਪ੍ਰੋਗਰਾਮ ਦੀਆਂ ਤਿਆਰੀਆਂ ਸਨ, ਪਰ ਸਰਕਾਰ ਨੇ ਕੁੱਝ ਮਿੰਟਾਂ ਬਾਅਦ ਹੀ ਲਿਖਤੀ ਸਮਝੌਤਾ ਯੂਨੀਅਨ ਨੂੰ ਸੌਂਪ ਦਿੱਤਾ ਅਤੇ ਹੜਤਾਲ ਖਤਮ ਕਰਨ ਲਈ ਕਿਹਾ।
ਉਧਰ, ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਪਨਬਸ/ਪੀਆਰਟੀਸੀ ਵਰਕਰ ਯੂਨੀਅਨ ਦੀ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਦਾ ਪ੍ਰੋਗਰਾਮ ਵਾਪਸ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ ਲਿਖਤੀ ਤੌਰ ‘ਤੇ ਮੰਨਣ ਦੀ ਗੱਲ ਕਹੀ ਹੈ, ਜਿਸ ਤੋਂ ਬਾਅਦ ਯੂਨੀਅਨ ਆਗੂਆਂ ਵੱਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬੱਸਾਂ ਨੂੰ ਮੁੜ ਸੜਕਾਂ ਤੇ ਪਰਤਣ ਅਤੇ ਹੜਤਾਲ ਨੂੰ ਖਤਮ ਕਰਨ ਦਾ ਵੀ ਕੀਤਾ ਐਲਾਨ ਜਾਵੇਗਾ।












