Friday, October 9, 2026
Home Crime ਪ੍ਰਾਪਰਟੀ ਡੀਲਰ ਹਰਜਿੰਦਰ ਦੇ ਕਤਲ ਕਰਨ ਸਬੰਧੀ 2 ਮੁਲਜ਼ਮ ਗ੍ਰਿਫ਼ਤਾਰ

ਪ੍ਰਾਪਰਟੀ ਡੀਲਰ ਹਰਜਿੰਦਰ ਦੇ ਕਤਲ ਕਰਨ ਸਬੰਧੀ 2 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰ ਨਗਰ ਇਲਾਕੇ ਤੋਂ ਇਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿਥੇ ਇਕ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦਾ 5 ਗੋਲੀਆਂ ਮਾਰ ਕੇ ਕਤਲ ਕਰਨ ਸਬੰਧੀ ਪੁਲੀਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਮੋਹਿਤ ਅਤੇ ਮਨਜੀਤ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ। ਪੁਲੀਸ ਜਲਦੀ ਹੀ ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫ਼ਰੰਸ ਕਰ ਕੇ ਵੱਡੇ ਖ਼ੁਲਾਸੇ ਕਰੇਗੀ। ਬਾਕੀ ਮੁਲਜ਼ਮ ਹਾਲੇ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਪੁਲੀਸ ਟੀਮਾਂ ਛਾਪੇ ਮਾਰ ਰਹੀਆਂ ਹਨ।

Advertisements

ਦੂਜੇ ਪਾਸੇ, ਟਿੱਬਾ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਇਸ ਵਾਰਦਾਤ ਦੀਆਂ ਤੰਦਾਂ ਹੁਣ ਹੌਲੀ-ਹੌਲੀ ਖੁੱਲ੍ਹ ਰਹੀਆਂ ਹਨ। ਮ੍ਰਿਤਕ ਦੇ ਪਰਿਵਾਰ ਅਨੁਸਾਰ ਉਨ੍ਹਾਂ ਦੀ ਕਿਸੇ ਨਾਲ ਕੋਈ ਸਿੱਧੀ ਦੁਸ਼ਮਣੀ ਨਹੀਂ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਅੱਗੇ ਗੰਭੀਰ ਆਰੋਪ ਲਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਆਮ ਅਪਰਾਧੀ ਨਹੀਂ, ਸਗੋਂ ਪੇਸ਼ੇਵਰ ਸ਼ੂਟਰ ਹਨ ਜਿਨ੍ਹਾਂ ਨੂੰ ਅੰਮ੍ਰਿਤਸਰ ਤੋਂ ਸੁਪਾਰੀ ਦੇ ਕੇ ਬੁਲਾਇਆ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ’ਤੇ ਪਹਿਲਾਂ ਵੀ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਸਾਰੇ ਨਾਮਜ਼ਦ ਮੁਲਜ਼ਮ ਕਾਬੂ ਨਹੀਂ ਕੀਤੇ ਜਾਂਦੇ, ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਪੁਲੀਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਲਗਾਤਾਰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੇ ਪਰਿਵਾਰ ਦੀ ਕਿਸੇ ਨਾਲ ਸਿੱਧੀ ਦੁਸ਼ਮਣੀ ਨਹੀਂ ਸੀ, ਪਰ ਇੱਕ ਪੁਰਾਣੇ ਮਾਮਲੇ ਵਿੱਚ ਰਾਜ਼ੀਨਾਮੇ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਰੰਜਿਸ਼ ਤਹਿਤ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਸਮੇਂ ਮ੍ਰਿਤਕ ਨਾਲ ਮੌਜੂਦ ਉਸ ਦੇ ਦੋਸਤ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਸ਼ੂਟਰਾਂ ਨੇ ਉਸ ’ਤੇ ਵੀ ਗੋਲੀਆਂ ਚਲਾਈਆਂ, ਪਰ ਉਹ ਵਾਲ-ਵਾਲ ਬਚ ਗਿਆ।

ਇਸ ਅੰਨ੍ਹੇ ਕਤਲਕਾਂਡ ਦੀ ਗੁੱਥੀ ਸੁਲਝਾਉਣ ਲਈ ਪੁਲੀਸ ਦੀਆਂ 7 ਵਿਸ਼ੇਸ਼ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਸੂਤਰਾਂ ਅਨੁਸਾਰ ਪੁਲੀਸ ਟੀਮਾਂ ਪੰਜਾਬ ਤੋਂ ਇਲਾਵਾ ਹਰਿਆਣਾ, ਦਿੱਲੀ ਅਤੇ ਦੇਹਰਾਦੂਨ ਵਿੱਚ ਵੀ ਲਗਾਤਾਰ ਛਾਪੇ ਮਾਰ ਰਹੀਆਂ ਹਨ। ਥਾਣਾ ਟਿੱਬਾ ਦੇ ਇੰਚਾਰਜ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ 2 ਮੁਲਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਬਾਕੀ ਫ਼ਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here