Sunday, October 4, 2026
Home hoshiarpur ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ, ਮਹਿਲਾ ਕੈਦੀਆਂ ਨਾਲ...

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ, ਮਹਿਲਾ ਕੈਦੀਆਂ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਆਪਣੇ ਦੌਰੇ ਦੌਰਾਨ ਅੱਜ ਸਥਾਨਕ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਜ਼ਾਵਾਂ ਖ਼ਤਮ ਹੋਣ ਉਪਰੰਤ ਮੁੱਖ ਧਾਰਾ ਵਿਚ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਅਤੇ ਬਾਅਦ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਔਰਤਾਂ ਨਾਲ ਸਬੰਧ ਚੱਲ ਰਹੇ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ।

Advertisements

ਮੁੱਖ ਧਾਰਾ ‘ਚ ਬਿਹਤਰ ਜ਼ਿੰਦਗੀ ਲਈ ਕੀਤਾ ਪ੍ਰੇਰਿਤ

ਚੇਅਰਪਰਸਨ ਨੇ ਅਧਿਕਾਰੀਆਂ ਨੂੰ ਮਹਿਲਾਵਾਂ ਦੀ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਮੁੜ ਵਸੇਬੇ, ਆਰਥਿਕ ਸਸ਼ਕਤੀਕਰਨ ਅਤੇ ਕਮਜ਼ੋਰ ਵਰਗਾਂ ਦੀਆਂ ਔਰਤਾਂ ਦੀ ਚਹੁੰਮੁਖੀ ਭਲਾਈ ਅਤੇ ਵਿਕਾਸ ਦੀ ਲੋੜ ‘ਤੇ ਵਧੇਰੇ ਜ਼ੋਰ ਦੇਣ ਦੀ ਤਾਕੀਦ ਕੀਤੀ। ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਚੇਅਰਪਰਸਨ ਵਿਜਯਾ ਰਾਹਤਕਰ ਨੇ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ, ਵਧੀਕ ਸੁਪਰਡੈਂਟ ਹਰਬੰਸ ਸਿੰਘ, ਡਿਪਟੀ ਸੁਪਰਡੈਂਟ ਆਸ਼ਾ ਰਾਣੀ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਿਹਾ ਕਿ ਮਹਿਲਾ ਕੈਦੀਆਂ ਨੂੰ ਸਜਾ ਪੂਰੀ ਹੋਣ ਉਪਰੰਤ ਆਪਣੇ ਚੰਗੇਰੇ ਭਵਿੱਖ ਦੇ ਨਾਲ-ਨਾਲ ਸਮਾਜ ਵਿੱਚ ਆਪਣੇ ਬੱਚਿਆਂ ਦੀ ਤਰੱਕੀ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਸਵੈ-ਰੋਜ਼ਗਾਰ ਦੇ ਉੱਦਮ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਤਹਿਤ ਮਹਿਲਾਵਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਚੇਅਰਪਰਸਨ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ ਜੇਲ੍ਹ ਵਿੱਚ ਬੰਦ ਮਹਿਲਾਵਾਂ ਨੂੰ ਨਸ਼ਿਆਂ ਵਰਗੀ ਸਮਾਜ ਵਿਰੋਧੀ ਧੰਦੇ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨ ਪੀੜ੍ਹੀ ਲਈ ਨੁਕਸਾਨਦੇਹ ਹੈ, ਸਗੋਂ ਉਨ੍ਹਾਂ ਦੇ ਆਪਣੇ ਭਵਿੱਖ ਨੂੰ ਵੀ ਦਾਗਦਾਰ ਕਰਦੀ ਹੈ। ਉਨ੍ਹਾਂ ਕੈਦੀਆਂ ਤੋਂ ਜੇਲ੍ਹ ਵਿੱਚ ਦਰਪੇਸ਼ ਕਿਸੇ ਵੀ ਸਮੱਸਿਆ ਬਾਰੇ ਵੀ ਪੁੱਛਿਆ ਜਿਸ ‘ਤੇ ਕੈਦੀਆਂ ਵਲੋਂ ਰਿਹਾਇਸ਼, ਖਾਣ-ਪੀਣ ਅਤੇ ਸਿਹਤ ਸੇਵਾਵਾਂ ਸਮੇਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਲਾਹੁਤਾ ਕਰਨ ‘ਤੇ ਚੇਅਰਪਰਸਨ ਨੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਅਤੇ ਮੁੜ ਵਸੇਬੇ ਦੇ ਨਾਲ-ਨਾਲ ਹੁਨਰ ਵਿਕਾਸ ਨਾਲ ਸਬੰਧਤ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਕੈਦੀ ਸਵੈ-ਨਿਰਭਰ ਬਣ ਸਕਣ ਅਤੇ ਸਜ਼ਾ ਪੂਰੀ ਹੋਣ ਉਪਰੰਤ ਸਨਮਾਨ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਹੋ ਸਕਣ। ਉਨ੍ਹਾਂ ਜੇਲ੍ਹ ਵਿੱਚ ਆਪਣੀਆਂ ਮਾਵਾਂ ਦੇ ਨਾਲ ਰਹਿ ਰਹੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਲਈ ਉਪਲਬਧ ਸਹੂਲਤਾਂ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਦੇਖ-ਭਾਲ, ਪੋਸ਼ਣ, ਸੁਰੱਖਿਆ ਅਤੇ ਸਮੁੱਚੀ ਭਲਾਈ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਉਪਰੰਤ ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਵਿੱਚ ਮਹਿਲਾਵਾਂ ਦੀ ਭਾਗੀਦਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿੱਚ ਮਹਿਲਾਵਾਂ ਦੀ ਭਾਗੀਦਾਰੀ 67 ਫੀਸਦੀ ਰਹੀ। ਉਨ੍ਹਾਂ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਟੈਂਡ-ਅੱਪ ਇੰਡੀਆ (ਮਹਿਲਾ ਉੱਦਮੀਆਂ), ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਵਨ ਸਟਾਪ ਸੈਂਟਰ (ਸਖੀ) ਅਤੇ ਪੀ.ਓ.ਐੱਸ.ਐੱਚ (ਪੋਸ਼) ਐਕਟ ਸਬੰਧੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਦਿੱਤੀ। ਚੇਅਰਪਰਸਨ ਨੇ ਜ਼ਿਲ੍ਹੇ ਵਿੱਚ ਮਹਿਲਾ ਕੇਂਦਰਿਤ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

ਚੇਅਰਪਰਸਨ ਨੇ ਕੰਮ-ਕਾਜ ਵਾਲੀ ਥਾਂ ’ਤੇ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 ਨੂੰ ਵੀ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਇਸ ਵਿੱਚ ਕਾਨੂੰਨੀ ਲੋੜਾਂ ਦੀ ਪਾਲਣਾ, ਅੰਦਰੂਨੀ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਮੌਜੂਦ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ ਬਾਰੇ ਜਾਗਰੂਕ ਕਰਨ ਬਾਰੇ ਵੀ ਹਦਾਇਤ ਕੀਤੀ ।

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨਾਲ ਗੱਲਬਾਤ ਦੌਰਾਨ ਚੇਅਰਪਰਸਨ ਨੇ ਮਹਿਲਾਵਾਂ ਲਈ ਹੋਰ ਵਧੇਰੇ ਮੌਕੇ, ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਵਧਾਉਣ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੇ ਦਾਇਰੇ ਨੂੰ ਹੋਰ ਵੱਡਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਦੀ ਮੇਅਰ ਵੀ ਮਹਿਲਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਵੱਖ-ਵੱਖ ਅਹੁਦਿਆਂ ‘ਤੇ ਔਰਤਾਂ ਕੰਮ ਕਰ ਰਹੀਆਂ ਹਨ ਜੋ ਆਪਣੇ-ਆਪ ‘ਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਹੋਣ ਵਾਲੇ ਸ਼ੋਸ਼ਣ ਅਤੇ ਅਪਰਾਧ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਮਹਿਲਾ ਅਧਿਕਾਰਾਂ ਦੀ ਪੂਰੀ ਗੰਭੀਰਤਾ ਨਾਲ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਮਿਸ਼ਨ ਨੂੰ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਹਿਲਾਂ ਹੀ ਇੱਕ ਸਮਰਪਿਤ ਮਹਿਲਾ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ, ਜਿੱਥੇ ਮਹਿਲਾਵਾਂ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੀਆਂ ਹਨ। ਇਸ ਤੋਂ ਇਲਾਵਾ ‘ਮਹਿਲਾ ਮਿੱਤਰ’ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਸਕੂਲਾਂ, ਕਾਲਜਾਂ ਅਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਨਿਯਮਿਤ ਤੌਰ ’ਤੇ ਜਾ ਕੇ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰ ਰਹੀ ਹੈ। ।

ਚੇਅਰਪਰਸਨ ਨੇ ਅਧਿਕਾਰੀਆਂ ਨੂੰ ਮਹਿਲਾਵਾਂ ਨਾਲ ਸਬੰਧਤ ਸਾਰੀਆਂ ਯੋਜਨਾਵਾਂ ਦਾ ਆਡਿਟ ਸ਼ੁਰੂ ਕਰਨ, ਮਹਿਲਾ ਕੇਂਦਰਿਤ ਯੋਜਨਾਵਾਂ ਅਤੇ ਭਲਾਈ ਪਹਿਲਕਦਮੀਆਂ ਦੀ ਡਿਜੀਟਲ ਨਿਗਰਾਨੀ ਕਰਨ, ਮਹਿਲਾਵਾਂ ਨੂੰ ਸਮਾਜ ਵਿੱਚ ਅਪਰਾਧ ਅਤੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਣ ਅਤੇ ਮਹਿਲਾ ਭਲਾਈ ਨਾਲ ਸਬੰਧਤ ਯਤਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 50 ਤੋਂ ਵੱਧ ਮਹਿਲਾਵਾਂ ਦੀ ਸ਼ਮੂਲੀਅਤ ਵਾਲੀ ਜਾਗਰੂਕਤਾ ਵਰਕਸ਼ਾਪ ਵੀ ਕਰਵਾਈ ਗਈ। ਇਸ ਮੌਕੇ ਮਹਿਲਾਵਾਂ ਨੇ ਆਪਣੇ ਉਤਪਾਦ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਪਹਿਲਕਦਮੀਆਂ ਦਾ ਪ੍ਰਦਰਸ਼ਨ ਕੀਤਾ। ਮੀਟਿੰਗ ਵਿੱਚ ਮੇਅਰ ਪਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਐੱਸ.ਪੀ. ਨਵਨੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here