
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਗੁੰਡਾਗਰਦੀ ਦਾ ਸ਼ਰੇਆਮ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਕਿ ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਪਿੰਡ ਕੱਦਗਿੱਲ ਦੇ ਰਹਿਣ ਵਾਲੇ ਜਹਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੋਰੰਗਾਬਾਦ ਵਿਖੇ ਰਹਿੰਦਾ ਸੀ ਜਿੱਥੇ ਉਸਦੇ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਮਹੀਨਾ ਪਹਿਲਾਂ ਹੀ ਦੋਹਾਂ ਨੇ ਭੱਜ ਕੇ ਵਿਆਹ ਕਰਵਾ ਲਿਆ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਦੋਵਾਂ ਦੇ ਪ੍ਰੇਮ ਵਿਆਹ ਤੋਂ ਲੜਕੀ ਦੇ ਭਰਾ ਖਾਰ ਖਾਂਦੇ ਸੀ ਜਿਸਦੇ ਚੱਲਦਿਆ ਲੜਕੀ ਦੇ ਭਰਾ ਵੱਲੋ ਆਪਣੇ ਸਾਥੀਆਂ ਨਾਲ ਮਿਲਕੇ ਜਗਜੀਤ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।












