
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸਾਂ ਸਬੰਧੀ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਰਿਟਾ:) ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੂਬੇ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 7 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ-ਫੋਰਸ ਤੋਂ ਇਲਾਵਾ ਬੀ.ਐਸ.ਐਫ਼.. ਸੀ.ਆਰ.ਪੀ.ਐਫ਼., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ।

ਉਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।











