
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਹਾਜੀਪੁਰ ਦੇ ਮੁਹੱਲਾ ਪੱਡਾ ਵਿੱਚ ਇੱਕ ਸੇਵਾਮੁਕਤ ਅਧਿਆਪਕ ਅਤੇ ਨੰਬਰਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੇਵਾਮੁਕਤ ਅਧਿਆਪਕ ਦਾ ਉਸਦੇ ਹੀ ਭਤੀਜੇ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ, ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਮਹਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਹਾਜੀਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਜਿਸ ਸਮੇਂ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਉਸ ਸਮੇਂ ਉਸਦਾ ਭਤੀਜਾ ਉੱਥੇ ਪਹੁੰਚਿਆ ਅਤੇ ਅਚਾਨਕ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਆਰੋਪੀ ਨੇ ਮਹਿੰਦਰ ਦੀ ਗਰਦਨ ਅਤੇ ਚਿਹਰੇ ‘ਤੇ ਕਈ ਵਾਰ ਕੀਤੇ। ਮਹਿੰਦਰ ਸਿੰਘ ਇੱਕ ਸੇਵਾਮੁਕਤ ਅਧਿਆਪਕ ਸੀ ਅਤੇ ਇਸ ਸਮੇਂ ਪਿੰਡ ਦਾ ਨੰਬਰਦਾਰ ਸੀ। ਕਿਹਾ ਜਾ ਰਿਹਾ ਹੈ ਕਿ ਘਰੇਲੂ ਝਗੜੇ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਹਰਪ੍ਰੇਮ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ, ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ। ਪੁਲਿਸ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦਾ ਅਸਲ ਕਾਰਨ ਸਾਹਮਣੇ ਆਵੇਗਾ। ਫਿਲਹਾਲ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।












