
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਆਖ਼ਰਕਾਰ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦਾ ਰੈਗੂਲਰ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਕਰੀਬ ਚਾਰ ਸਾਲਾਂ ਬਾਅਦ ਪੰਜਾਬ ਨੂੰ ਰੈਗੂਲਰ ਡੀਜੀਪੀ ਮਿਲ ਗਿਆ ਹੈ।

ਖ਼ਾਸ ਗੱਲ ਇਹ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਹੋਣੀ ਸੀ, ਪਰ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਲੈ ਲਿਆ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਸਬੰਧੀ ਢੁਕਵਾਂ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਗਲੀ ਸੁਣਵਾਈ ਦੌਰਾਨ ਇਸ ਸਬੰਧੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਸੀ। ਯੂਪੀਐੱਸਸੀ ਵੱਲੋਂ ਪੰਜਾਬ ਦੇ ਡੀਜੀਪੀ ਅਹੁਦੇ ਲਈ 3 ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਗਿਆ ਸੀ, ਜਿਸ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਸਨ। ਗੌਰਵ ਯਾਦਵ ਦੀ ਸੇਵਾਮੁਕਤੀ 30 ਅਪ੍ਰੈਲ 2029 ਨੂੰ ਹੋਣੀ ਹੈ। ਫਿਲਹਾਲ, ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਰੈਗੂਲਰ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੀ ਉਡੀਕ ਖ਼ਤਮ ਹੋ ਗਈ ਹੈ।












