
ਤਰਨਤਾਰਨ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਤਰਨਤਾਰਨ ਦੇ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ 55 ਸਾਲਾ ਏਐਸਆਈ ਇਕਬਾਲ ਸਿੰਘ ਐਤਵਾਰ ਦੇਰ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।

ਹਮਲੇ ਦੌਰਾਨ ਏਐਸਆਈ ਇਕਬਾਲ ਸਿੰਘ ਨੂੰ 2 ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਡੀਐਸਪੀ ਰਵੀ ਸ਼ੇਰ ਸਿੰਘ ਭੱਟੀ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਨੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਹਾਲੇ ਤੱਕ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।










