
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਘੁੰਮਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਸੀ। ਇਸ ਐੱਫਆਈਆਰ ਵਿੱਚ ਘੁੰਮਣ ਸਮੇਤ ਛੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਮਾਮਲੇ ਦੀ ਸ਼ੁਰੂਆਤ ਉਸ ਸਮੇਂ ਹੋਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ। ਈਡੀ ਨੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ, ਟੈਂਡਰਾਂ ਅਤੇ ਹੋਰ ਸਰਕਾਰੀ ਮਨਜ਼ੂਰੀਆਂ ਵਿੱਚ ਕਥਿਤ ਲੈਣ-ਦੇਣ ਨਾਲ ਸਬੰਧਤ ਜਾਣਕਾਰੀ ਦਿੱਤੀ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ 2026 ਨੂੰ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਜਾਂਚ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਸੀਬੀਆਈ ਨੇ 5 ਅਕਤੂਬਰ ਨੂੰ ਐੱਫਆਈਆਰ ਦਰਜ ਕੀਤੀ। ਸੀਬੀਆਈ ਦੀ ਐੱਫਆਈਆਰ ਵਿੱਚ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਡਾ. ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ ਅਤੇ ਰਾਜਦੀਪ ਸਿੰਘ ਨਾਗਰਾ ਉਰਫ਼ ਆਰਐੱਸ ਨਾਗਰਾ ਨੂੰ ਨਾਮਜ਼ਦ ਕੀਤਾ ਗਿਆ ਸੀ।
ਜਾਂਚ ਦੌਰਾਨ ਸਤੰਬਰ 2023 ਤੋਂ ਮਾਰਚ 2026 ਦੇ ਵਿਚਕਾਰ ਪੰਜਾਬ ਦੇ 20 ਵਿਭਾਗਾਂ ਵਿੱਚ ਬਦਲੀਆਂ ਅਤੇ ਤਾਇਨਾਤੀਆਂ ਦੇ 21 ਮਾਮਲਿਆਂ ਵਿੱਚ ਕਥਿਤ ਦਖ਼ਲਅੰਦਾਜ਼ੀ ਸਮੇਤ ਨੀਤੀਗਤ ਫ਼ੈਸਲਿਆਂ, ਟੈਂਡਰਾਂ, ਹਥਿਆਰਾਂ ਦੇ ਲਾਇਸੈਂਸਾਂ ਅਤੇ ਜ਼ਮੀਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।











