
ਲੁਧਿਆਣਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਮਾਡਲ ਟਾਊਨ ਤੋਂ ਸਾਹਮਣੇ ਆਇਆ ਹੈ, ਜਿੱਥੇ ਰਾਈਟ ਵੇ ਇਮੀਗ੍ਰੇਸ਼ਨ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਕਰੀਬ ਸਾਢੇ ਦਸ ਵਜੇ ਦੀ ਹੈ। 2 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇਮੀਗ੍ਰੇਸ਼ਨ ਦਫ਼ਤਰ ’ਤੇ ਕਰੀਬ 6 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ’ਤੇ ਪੁਲਿਸ ਮੁਲਜ਼ਮਾਂ ਦੀ ਪਹਿਚਾਣ ਕਰਨ ਵਿੱਚ ਜੁਟੀ ਹੋਈ ਹੈ।

ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਪੁਰਾਣੀ ਰੰਜਿਸ਼ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਹੋਣ ਦਾ ਸ਼ੱਕ ਹੈ। ਇਸ ਤੋਂ ਇਲਾਵਾ, ਪੁਲਿਸ ਵੱਲੋਂ ਫਿਰੌਤੀ ਦੀ ਕਾਲ ਸਮੇਤ ਹੋਰ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਵਾਰਦਾਤ ਵਿੱਚ 32 ਬੋਰ ਦੇ ਪਿਸਤੌਲ ਦੀ ਵਰਤੋਂ ਕੀਤੀ ਗਈ ਹੈ। ਫੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਦਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਅਨੁਸਾਰ ਮੋਟਰਸਾਈਕਲ ਦੇ ਨੰਬਰ ਨੂੰ ਟਰੇਸ ਕਰਕੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਗੋਲੀਬਾਰੀ ਪਿੱਛੇ ਅਸਲ ਕਾਰਨ ਕੀ ਸੀ, ਇਹ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।












