
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਬੀਤੀ ਰਾਤ ਕਸਬੇ ਵਿੱਚ ਦੋ ਘਰਾਂ ਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੀੜਤ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਫਿਰੌਤੀ ਦੀ ਮੰਗ ਨੂੰ ਲੈਕੇ ਬਦਮਾਸ਼ਾਂ ਵੱਲੋਂ ਵਿਦੇਸ਼ੀ ਨੰਬਰ ਤੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਤੋਂ ਬਾਅਦ ਲੰਘੀ ਰਾਤ ਸਾਢੇ ਦਸ ਵਜੇ ਦੇ ਕਰੀਬ ਦੂਜੀ ਵਾਰ ਮੇਰੇ ਘਰ ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੀੜਤ ਰਾਜਵਿੰਦਰ ਸਿੰਘ ਨੇ ਆਖਿਆ ਕਿ ਐੱਸਐੱਚਓ ਨੂੰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਮੇਰਾ ਫੋਨ ਨਹੀ ਚੁੱਕਿਆ ਗਿਆ। ਇਸ ਹੋਰ ਘਟਨਾ ਵਿੱਚ ਕਾਂਗਰਸੀ ਆਗੂ ਗੁਰਮੇਜ ਸਿੰਘ ਖੱਖ ਨੇ ਦੱਸਿਆ ਕਿ ਉਸ ਨੂੰ ਪ੍ਰਭ ਦਾਸੂਵਾਲ ਦੇ ਨਾਂ ਤੇ ਵਿਦੇਸ਼ੀ ਨੰਬਰ ਤੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਦੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਦਾ ਤੇ ਉਸ ਦੇ ਪਰਿਵਾਰ ਦਾ ਜਾਨੀ ਨੁਕਸਾਨ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੀੜਤ ਗੁਰਮੇਜ ਸਿੰਘ ਨੇ ਆਖਿਆ ਕਿ ਘਟਨਾ ਨੂੰ ਲੈਕੇ ਸਥਾਨਕ ਪੁਲਿਸ ਪ੍ਰਸ਼ਾਸਨ ਗੰਭੀਰ ਦਿਖਾਈ ਨਹੀ ਦੇ ਰਿਹਾ।

ਦੋਵਾਂ ਪੀੜਤਾਂ ਨੇ ਆਖਿਆ ਕਿ ਰਾਤ ਵਾਪਰੀ ਘਟਨਾ ਇੱਕੋ ਮੋਟਰਸਾਈਕਲ ਸਵਾਰਾਂ ਵੱਲੋਂ ਅੰਜ਼ਾਮ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਜੇ ਸਮਾਂ ਰਹਿੰਦਿਆ ਪੁਲਿਸ ਪ੍ਰਸ਼ਾਸਨ ਸਹੀ ਢੰਗ ਨਾਲ ਕਾਰਵਾਈ ਕਰਦਾ ਤਾਂ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕਦਾ ਸੀ। ਉਨ੍ਹਾਂ ਆਖਿਆ ਕਿ ਰਾਤ ਵਾਪਰੀ ਘਟਨਾ ਕਾਰਨ ਉਨ੍ਹਾਂ ਦੇ ਪਰਿਵਾਰ ਸਹਿਮ ਦੇ ਮਾਹੌਲ ਵਿੱਚ ਹਨ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਫਿਰੌਤੀਆਂ ਦੀ ਮੰਗ ਕਰਨ ਵਾਲਿਆਂ ਨੂੰ ਠੱਲ੍ਹ ਪਾਉਣ ਦੀ ਮੰਗ ਕਰਦਿਆ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆਂ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀਐੱਸਪੀ ਹਰਿੰਦਰ ਸਿੰਘ ਨੇ ਆਖਿਆ ਕਿ ਦੋਵਾਂ ਥਾਂਵਾ ਤੇ ਚੱਲੀ ਗੋਲੀ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ, ਮੌਕੇ ’ਤੇ ਪੁਲਿਸ ਮੁਲਾਜ਼ਮਾਂ ਨੂੰ ਭੇਜਿਆ ਗਿਆ ਹੈ। ਪੁਲਿਸ ਵੱਲੋਂ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।












