
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਵੱਲੋਂ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਨਾਲ ਸਾਂਝੇ ਅਤੇ ਐੱਸ.ਬੀ.ਐੱਸ. ਨਗਰ ਪੁਲਿਸ ਦੇ ਤਾਲਮੇਲ ਨਾਲ ਅਪਰੇਸ਼ਨ ਚਲਾ ਕੇ ਨਵਾਂਸ਼ਹਿਰ ਤੋਂ ਗੈਂਗਸਟਰ ਨੈੱਟਵਰਕ ਦੇ ਇਨ੍ਹਾਂ ਦੋ ਸਹਿਯੋਗੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਦੋ ਅਤਿ-ਆਧੁਨਿਕ .30 ਬੋਰ ਦੇ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐੱਸ.ਬੀ.ਐੱਸ. ਨਗਰ ਵਿੱਚ ਅਦਾਲਤੀ ਪੇਸ਼ੀ ਦੌਰਾਨ ਵਿਰੋਧੀ ਗਰੋਹ ਦੇ ਇੱਕ ਮੈਂਬਰ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀ.ਜੀ.ਪੀ. ਯਾਦਵ ਨੇ ਐਕਸ (X) ਉੱਤੇ ਇੱਕ ਪੋਸਟ ਵਿੱਚ ਕਿਹਾ, “ਉਨ੍ਹਾਂ ਦੀ ਸਮੇਂ ਸਿਰ ਕੀਤੀ ਗਈ ਗ੍ਰਿਫ਼ਤਾਰੀ ਨਾਲ ਇੱਕ ਵੱਡੀ ਟਾਰਗੇਟ ਕਿਲਿੰਗ (ਯੋਜਨਾਬੱਧ ਕਤਲ) ਨੂੰ ਟਾਲ ਦਿੱਤਾ ਗਿਆ ਹੈ।” ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ 3 ਅਕਤੂਬਰ 2026 ਨੂੰ ਲੁਧਿਆਣਾ ਵਿੱਚ ਇੱਕ ਸਰਪੰਚ ਦੇ ਕਤਲ ਵਿੱਚ ਵੀ ਆਪਣੇ ਸ਼ਾਮਲ ਹੋਣ ਦਾ ਖੁਲਾਸਾ ਕੀਤਾ ਹੈ, ਜਿਸ ਤੋਂ ਇਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਕਰਵਾਏ ਗਏ ਸੁਪਾਰੀ ਕਿਲਿੰਗ ਨਾਲ ਸ਼ੱਕੀ ਸਬੰਧ ਸਾਹਮਣੇ ਆਏ ਹਨ। ਡੀ.ਜੀ.ਪੀ. ਨੇ ਕਿਹਾ ਕਿ ਮੁਲਜ਼ਮਾਂ ਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।












