Monday, October 26, 2026
Home Punjab ਮੋਗਾ ਦੇ ਅੰਗਦਪੁਰਾ ਗੋਲੀਬਾਰੀ ਕਾਂਡ ‘ਚ 5 ਮੁਲਜ਼ਮ ਗ੍ਰਿਫ਼ਤਾਰ, DGP ਨੇ ਪਰਿਵਾਰ...

ਮੋਗਾ ਦੇ ਅੰਗਦਪੁਰਾ ਗੋਲੀਬਾਰੀ ਕਾਂਡ ‘ਚ 5 ਮੁਲਜ਼ਮ ਗ੍ਰਿਫ਼ਤਾਰ, DGP ਨੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ!

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਬੀਤੇ ਦਿਨੀਂ ਹੋਈ ਤਾਬੜਤੋੜ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਡੀਜੀਪੀ ਗੌਰਵ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਕੋਲੋਂ ਘਟਨਾ ਸਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਖੂਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲੇਗਾ।

Advertisements

ਜਾਣਕਾਰੀ ਅਨੁਸਾਰ ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਇਸ ਫਾਇਰਿੰਗ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਵਿੱਚ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਗੋਲੀਆਂ ਅਤੇ ਛਰਰਿਆਂ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੋਗਾ ਦੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਅਨੁਸਾਰ ਪੀੜਤ ਧਿਰ ਵੱਲੋਂ ਕੁਝ ਵਿਅਕਤੀਆਂ ਦੇ ਨਾਮ ਵੀ ਪੁਲਿਸ ਨੂੰ ਦੱਸੇ ਗਏ ਹਨ। ਪੁਲਿਸ ਵੱਲੋਂ ਸਬੰਧਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲੀਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਡੀ ਜੀ ਪੀ ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਗੋਲੀਕਾਂਡ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਡੀਜੀਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here