Tuesday, October 27, 2026
Home Crime ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਫਾਈਨੈਂਸਰ ਨੂੰ 10 ਕਰੋੜ ਦੀ ਧਮਕੀ

ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਫਾਈਨੈਂਸਰ ਨੂੰ 10 ਕਰੋੜ ਦੀ ਧਮਕੀ

ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਵਿੱਚ ਇੱਕ ਫਾਈਨੈਂਸਰ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਰਕਮ ਨਾ ਦੇਣ ’ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖਬਰ ਸਾਹਮਣੇ ਆਈ ਹੈ। ਪੀੜਤ ਵਪਾਰੀ ਅਨੁਸਾਰ, ਉਸ ਨੂੰ ਫੋਨ ਕਰਕੇ ਧਮਕਾਇਆ ਗਿਆ ਅਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਗਈ। ਕਾਲ ਕਰਨ ਵਾਲੇ ਨੇ ਕਥਿਤ ਤੌਰ ਉੱਤੇ ਲਾਰੈਂਸ ਬਿਸ਼ਨੋਈ ਦਾ ਨਾਮ ਲੈ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ। ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਆਰੋਪੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਸ਼ਿਕਾਇਤਕਰਤਾ ਫਗਵਾੜਾ ਨਿਵਾਸੀ ਕਪਿਲ ਦੇਵ ਸੁਧੀਰ ਅਤੇ ਉਨ੍ਹਾਂ ਦੇ ਭਤੀਜੇ ਅਰਜੁਨ ਸੁਧੀਰ ਨੇ ਥਾਣਾ ਸਿਟੀ ਫਗਵਾੜਾ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਉਹ ਪ੍ਰਾਪਰਟੀ ਡੀਲਿੰਗ ਅਤੇ ਫਾਈਨੈਂਸ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਅਨੁਸਾਰ, 20 ਅਗਸਤ ਨੂੰ ਦੁਪਹਿਰ ਕਰੀਬ 2:11 ਵਜੇ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਇੱਕ ਵਟਸਐਪ ਕਾਲ ਆਈ। ਇਸ ਤੋਂ ਬਾਅਦ ਕਾਲ ਕਰਨ ਵਾਲੇ ਵਿਅਕਤੀ ਨੇ ਕਥਿਤ ਤੌਰ ਉੱਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਪੱਖ ਦਾ ਆਰੋਪ ਹੈ ਕਿ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜਿਆ ਦੱਸਦਿਆਂ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ। ਆਰੋਪੀ ਨੇ ਕਥਿਤ ਤੌਰ ਉੱਤੇ ਲਾਰੈਂਸ ਬਿਸ਼ਨੋਈ ਦਾ ਨਾਮ ਲੈ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਫਿਰੌਤੀ ਦੀ ਮੰਗ ਕੀਤੀ।

ਆਰੋਪੀ ਨੇ ਬਾਅਦ ਵਿੱਚ ਵੀ ਉਨ੍ਹਾਂ ਨੂੰ ਫੋਨ ਕਾਲ ਕਰਕੇ ਧਮਕਾਇਆ। ਸ਼ਿਕਾਇਤਕਰਤਾ ਅਨੁਸਾਰ, ਫੋਨ ਉੱਤੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਹੋਣ ਦਾ ਦਾਅਵਾ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਆਪਣੇ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸਤਾਉਣ ਲੱਗੀ। ਪੀੜਤ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਆਰੋਪੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ਵਿੱਚ ਇੱਕ ‘ਆਪ’ ਆਗੂ, 2 ਮਸ਼ਹੂਰ ਮਠਿਆਈ ਵਿਕਰੇਤਾ, ਜਿਊਲਰਜ਼ ਕਾਰੋਬਾਰੀ ਸਮੇਤ ਹੋਰਨਾਂ ਨੂੰ ਫਿਰੌਤੀ ਮੰਗਣ ਲਈ ਧਮਕਾਇਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here