
ਮਾਨਸਾ (ਦ ਸਟੈਲਰ ਨਿਊਜ਼)। ਐਕਸ਼ਨ ਕਮੇਟੀ ਮਾਨਸਾ ਨੇ ਪੁਲਿਸ ਪ੍ਰਸ਼ਾਸਨ ‘ਤੇ ਬੇਹੱਦ ਗੰਭੀਰ ਆਰੋਪ ਲਗਾਏ ਹਨ। ਕਮੇਟੀ ਦਾ ਕਹਿਣਾ ਹੈ ਕਿ ਪਿੰਡ ਭੰਮੇ ਕਲਾਂ ਦੇ ਇੱਕ 32 ਸਾਲਾ ਨੌਜਵਾਨ ਦੀ ਲਾਸ਼ ਨੂੰ, ਜਦੋਂ ਮਾਨਸਾ ਇਨਸਾਫ਼ ਮੋਰਚੇ ਵਿੱਚ ਲਿਆਂਦਾ ਜਾ ਰਿਹਾ ਸੀ, ਤਾਂ ਪੁਲਿਸ ਨੇ ਧੱਕੇਸ਼ਾਹੀ ਨਾਲ ਲਾਸ਼ ਨੂੰ ਖੋਹ ਲਿਆ। ਇੰਨਾ ਹੀ ਨਹੀਂ, ਪਰਿਵਾਰਕ ਮੈਂਬਰਾਂ ਅਤੇ ਕਮੇਟੀ ਆਗੂਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਐਕਸ਼ਨ ਕਮੇਟੀ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਮੇਟੀ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜੇ ਹਿਰਾਸਤ ਵਿੱਚ ਲਏ ਆਗੂਆਂ ਨੂੰ ਅੱਜ 11 ਵਜੇ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਹੋਰਨਾਂ ਤਿੱਖੇ ਐਕਸ਼ਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਨਸ਼ਿਆਂ ਵਿਰੁੱਧ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾ ਰਹੀ ਅਰਦਾਸ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।
ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੁਲੀਸ ਕਾਰਵਾਈ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੀਨੀਅਰ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੁਲਿਸ ਜਬਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਡਟੇ ਭਾਨਾ ਸਿੱਧੂ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਤਸ਼ੱਦਦ ਢਾਹ ਲਵੇ, ਉਹ ਇਨਸਾਫ਼ ਲੈ ਕੇ ਹੀ ਹਟਣਗੇ।
ਉਧਰ ਮਾਨਸਾ ਦੇ ਐਸ ਐਸ ਪੀ ਵੈਭਵ ਚੌਧਰੀ ਨੇ ਦੱਸਿਆ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਦਲਜੀਤ ਸਿੰਘ ਦਾ ਪੋਸਟ ਮਾਰਟਮ ਕਰਵਾਕੇ ਲਾਸ਼ ਦਾ ਪਰਿਵਾਰ ਅਤੇ ਰਿਸ਼ਤੇਦਾਰਾਂ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਲਾਕੇ ਦੀ ਅਮਨ ਸ਼ਾਂਤੀ ਵਾਲੀ ਸਥਿਤੀ ਵਿਗਾੜਨ ਦਾ ਕੋਈ ਹੱਕ ਨਹੀਂ ਹੈ।












