Monday, November 2, 2026
Home Chandigarh ਪਨਬੱਸ ਅਤੇ ਪੀਆਰਟੀਸੀ ਕਾਮਿਆਂ ਵੱਲੋਂ 16 ਨਵੰਬਰ ਤੋਂ ਪੰਜਾਬ ‘ਚ 3 ਦਿਨਾਂ ਦੀ...

ਪਨਬੱਸ ਅਤੇ ਪੀਆਰਟੀਸੀ ਕਾਮਿਆਂ ਵੱਲੋਂ 16 ਨਵੰਬਰ ਤੋਂ ਪੰਜਾਬ ‘ਚ 3 ਦਿਨਾਂ ਦੀ ਹੜਤਾਲ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਰਕਾਰੀ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 25 ਨਵੰਬਰ ਨੂੰ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਬੱਸ ਡਿਪੂਆਂ ਦੇ ਮੁਲਾਜ਼ਮ ਆਗੂਆਂ ਨੇ ਹਿੱਸਾ ਲਿਆ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਮੁਲਾਜ਼ਮ ਆਗੂਆਂ ਦਾ ਆਰੋਪ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

Advertisements

ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਅਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਵਿੱਚ ਵਿੱਤ ਮੰਤਰੀ ਵੱਲੋਂ ਜਥੇਬੰਦੀ ਨੂੰ ਠੋਸ ਭਰੋਸਾ ਦਿੰਦਿਆਂ ਕਿਹਾ ਗਿਆ ਸੀ ਕਿ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਏ ਜਾਣਗੇ।

ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਬਿੱਲ/ਐਕਟ ਅਨੁਸਾਰ ਕੰਟਰੈਕਟ ‘ਤੇ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ, ਜੋਧ ਸਿੰਘ ਨੇ ਬੋਲਦਿਆਂ ਕਿਹਾ ਕਿ ਰੋਸ ਵਜੋਂ ਜੱਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 5 ਨਵੰਬਰ ਨੂੰ ਦਿੜਬਾ ਵਿਖੇ ਭਰਵੀ ਗਿਣਤੀ ਨਾਲ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 8 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 10 ਨਵੰਬਰ ਪੰਜਾਬ ਦੇ ਸਮੂਹ ਬੱਸ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 16 ਨਵੰਬਰ ਤੋਂ 3 ਦਿਨਾ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

LEAVE A REPLY

Please enter your comment!
Please enter your name here