
ਜਗਰਾਓਂ (ਦ ਸਟੈਲਰ ਨਿਊਜ਼)। ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਗੁਰੂਘਰ ਦੇ ਅੰਦਰ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਫਾਇਰਿੰਗ ਕਰਵਾਉਣ ਦੀ ਗੱਲ ਸਾਹਮਣੇ ਵੀ ਆਈ ਸੀ। ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਰਾਜੂ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੋਮਵਾਰ ਰਾਤ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕੁੱਝ ਦਿਨਾਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਨਾਲ ਜੂਝ ਰਿਹਾ ਸੀ। ਫਿਲਹਾਲ, ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ‘ਤੇ ਚੁੱਪੀ ਧਾਰੀ ਹੋਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਦੌਰਾਨ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।












