
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ-ਮਲੋਟ ਰੋਡ ’ਤੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਬੀਤੀ ਦੇਰ ਰਾਤ ਇਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 17 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਆਰੋਪ ਹੈ ਕਿ ਗਲਤ ਸਾਈਡ ਤੋਂ ਆ ਰਹੀ ਸਰਕਾਰੀ ਬੱਸ ਨੇ ਸਾਹਮਣੇ ਤੋਂ ਆ ਰਹੇ ਬੁਲੇਟ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ ਪਿੰਡ ਕਰਮਗੜ੍ਹ ਸੱਤਰਾ ਵਾਸੀ ਸੁਖਮੰਦੀਪ ਸਿੰਘ ਪੁੱਤਰ ਰਾਮ ਕ੍ਰਿਸ਼ਨ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸੁਖਮੰਦੀਪ ਸਿੰਘ ਸੋਮਵਾਰ ਦੇਰ ਸ਼ਾਮ ਬੱਲੂਆਣਾ ਵਿੱਚ ਟਿਊਸ਼ਨ ਪੜ੍ਹਨ ਗਿਆ ਸੀ। ਟਿਊਸ਼ਨ ਤੋਂ ਬਾਅਦ ਉਹ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਵਾਪਸ ਆ ਰਿਹਾ ਸੀ। ਇਸੇ ਦੌਰਾਨ ਬੱਲੂਆਣਾ ਟੋਲ ਪਲਾਜ਼ਾ ਨੇੜੇ ਕਥਿਤ ਤੌਰ ’ਤੇ ਗਲਤ ਸਾਈਡ ਤੋਂ ਆ ਰਹੀ ਸਰਕਾਰੀ ਬੱਸ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਚਸ਼ਮਦੀਦਾਂ ਅਨੁਸਾਰ, ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋ ਬੱਸ ਸਮੇਤ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਬਠਿੰਡਾ ਵੱਲ ਜਾਣ ਦੀ ਬਜਾਏ ਪਿੰਡਾਂ ਦੇ ਰਸਤੇ ਬੱਸ ਲੈ ਕੇ ਵਾਪਸ ਮਲੋਟ ਪਹੁੰਚ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬੱਸ ਦਾ ਪਿੱਛਾ ਕੀਤਾ ਅਤੇ ਮੁਲਜ਼ਮ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਦਸੇ ਤੋਂ ਗੁੱਸੇ ਵਿੱਚ ਆਏ ਪਿੰਡ ਕਰਮਗੜ੍ਹ ਸੱਤਰਾ ਦੇ ਵਸਨੀਕਾਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਲਾਸ਼ ਸੜਕ ਦੇ ਵਿਚਕਾਰ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਬੱਸ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਧਰਨੇ ਦੀ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨੂੰ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨ ਕਾਰਨ ਬਠਿੰਡਾ-ਮਲੋਟ ਰੋਡ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।












