
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫ਼ੀਸਦੀ ਕਿਸ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਇਹ ਵਧਾ ਕੇ ਦਿੱਤਾ ਜਾਵੇਗਾ। ਇਸ ਫ਼ੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਮੁਲਾਜ਼ਮਾਂ ਨੂੰ 28 ਫ਼ੀਸਦ ਡੀ.ਏ. ਦਿੱਤਾ ਜਾਂਦਾ ਸੀ, ਜੋ ਸਾਲ 2026 ਵਿੱਚ ਵੱਧ ਕੇ 53 ਫ਼ੀਸਦ ਹੋ ਗਿਆ ਹੈ। ਇਸ ਨਾਲ ਮੁਲਾਜ਼ਮਾਂ ਨੂੰ ਹਰੇਕ ਮਹੀਨੇ 363 ਕਰੋੜ ਰੁਪਏ ਦਾ ਲਾਭ ਹੋਵੇਗਾ, ਜਦਕਿ ਕੁੱਲ 11 ਫ਼ੀਸਦ ਡੀ.ਏ. ਨਾਲ ਮੁਲਾਜ਼ਮਾਂ ਨੂੰ ਸਾਲਾਨਾ 3988 ਕਰੋੜ ਰੁਪਏ ਦਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਸਕੀਮਾਂ ਤੋਂ ਵਧੇਰੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੈ, ਜਦਕਿ ਪੁਰਾਣੀਆਂ ਸਰਕਾਰਾਂ ਨੇ ਹਮੇਸ਼ਾ ਹੀ ਖ਼ਜ਼ਾਨਾ ਖ਼ਾਲੀ ਹੋਣ ਦਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ 71,777 ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ’ਤੇ ਕਿਹਾ ਕਿ ਐੱਮ.ਐੱਲ.ਏ. ਬਣਨਾ ਸਿਰਫ਼ ਰਾਜਨੀਤੀ ਨਹੀਂ ਹੈ, ਪਾਰਟੀ ਦੇ ਨਾਲ ਖੜ੍ਹਨਾ ਵੀ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਜਾਣ ਵਾਲੇ ਵਿਧਾਇਕਾਂ ਨੂੰ ਪਤਾ ਲੱਗ ਜਾਵੇਗਾ ਕਿ ਭਾਜਪਾ ਵਿੱਚ ਆਗੂਆਂ ਦੀ ਕਿੰਨੀ ਕੁ ਇੱਜ਼ਤ ਹੁੰਦੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਵਿੱਚ ਗਏ ਸਨ, ਜਿਨ੍ਹਾਂ ਨੂੰ ਕਦੇ ਵੀ ਪੁੱਛਿਆ ਨਹੀਂ ਗਿਆ, ਬਲਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਕਹਿ ਰਹੇ ਹਨ ਕਿ ਉਨ੍ਹਾਂ ਤੋਂ ਪਟਿਆਲਾ ਬਾਰੇ ਵੀ ਕੋਈ ਸਲਾਹ ਨਹੀਂ ਲਈ ਜਾਂਦੀ। ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ਈ.ਡੀ. ਦੀ ਛਾਪੇਮਾਰੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਈ.ਡੀ. ਅਤੇ ਸੀ.ਬੀ.ਆਈ. ਦੇ ਛਾਪਿਆਂ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਚੋਣਾਂ ਨਜ਼ਦੀਕ ਆ ਗਈਆਂ ਹਨ, ਕਿਉਂਕਿ ਭਾਜਪਾ ਵੱਲੋਂ ਚੋਣਾਂ ਨਜ਼ਦੀਕ ਆਉਣ ’ਤੇ ਈ.ਡੀ. ਅਤੇ ਸੀ.ਬੀ.ਆਈ. ਦੀ ਛਾਪੇਮਾਰੀ ਵਧਾ ਦਿੱਤੀ ਜਾਂਦੀ ਹੈ। ਹੁਣ ਉਸੇ ਤਰ੍ਹਾਂ ਪੰਜਾਬ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।












