Wednesday, November 4, 2026
Home Latest ਮੁਲਾਜ਼ਮਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, 5 ਅਤੇ 6 ਨਵੰਬਰ ਨੂੰ ‘ਕਲਮ...

ਮੁਲਾਜ਼ਮਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, 5 ਅਤੇ 6 ਨਵੰਬਰ ਨੂੰ ‘ਕਲਮ ਛੋੜ ਹੜਤਾਲ, ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣ ਦਾ ਐਲਾਨ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਯਾਨੀ PSMSU ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਵਿੱਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਪੁਤਲੇ ਫੂਕੇ ਗਏ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਆਉਣ ਵਾਲੇ ਦਿਨਾਂ ਲਈ ਇੱਕ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ, ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। ਇਸੇ ਤਹਿਤ ਯੂਨੀਅਨ ਵੱਲੋਂ 5 ਅਤੇ 6 ਨਵੰਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ‘ਕਲਮ ਛੋੜ ਹੜਤਾਲ’ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਨਾ ਸਿਰਫ਼ ਕਲਮਾਂ ਛੋੜੀਆਂ ਜਾਣਗੀਆਂ, ਸਗੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਪਿਊਟਰ ਵੀ ਪੂਰੀ ਤਰ੍ਹਾਂ ਬੰਦ ਰੱਖੇ ਜਾਣਗੇ।

Advertisements

ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰੱਖਣ ਦੇ ਇਸ ਐਲਾਨ ਪਿੱਛੇ ਮੁਲਾਜ਼ਮਾਂ ਦੀਆਂ ਕਈ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸ਼ਾਮਲ ਹਨ: –

1. ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਜ਼ਮੀਨੀ ਪੱਧਰ ‘ਤੇ ਲਾਗੂ ਨਾ ਹੋਣਾ ਅਤੇ ਪੁਰਾਣੇ ਪੱਤਰਾਂ ਨੂੰ ਰੱਦ ਨਾ ਕਰਨਾ।

2. ਮੁਲਾਜ਼ਮਾਂ ਦਾ 10 ਫ਼ੀਸਦੀ ਡੀ.ਏ. ਅਤੇ ਪੇਅ ਕਮਿਸ਼ਨ ਦੇ ਬਕਾਏ ਸਰਕਾਰ ਵੱਲ ਲੰਬੇ ਸਮੇਂ ਤੋਂ ਪੈਂਡਿੰਗ ਪਏ ਹਨ। ਇਸ ਸਬੰਧੀ ਮਾਣਯੋਗ ਅਦਾਲਤ ਵੱਲੋਂ ਵੀ 10 ਦਿਨਾਂ ਦੇ ਅੰਦਰ-ਅੰਦਰ 6 ਫ਼ੀਸਦੀ ਵਿਆਜ ਸਮੇਤ ਬਕਾਏ ਇੱਕਮੁਸ਼ਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।

3. ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ।

4. ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਣਾ ਯਕੀਨੀ ਬਣਾਇਆ ਜਾਵੇ। ਪੁਰਾਣੇ ਸਾਥੀਆਂ ਲਈ ਪੈਨਸ਼ਨ ਦਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ।

ਆਗੂ ਤਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਹਿੱਤਾਂ ਵਿੱਚ ਫ਼ੈਸਲਾ ਲੈਂਦਿਆਂ ਬਕਾਏ ਦੇਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ 2 ਦਿਨਾਂ ਵਿੱਚ ਕੋਈ ਠੋਸ ਕਦਮ ਨਾ ਚੁੱਕਿਆ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here