
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਸੇਬਲਡ ਪਰਸਨਜ਼ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਵਾਂ ਇੰਟਰਸਟੇਟ ਬਲਾਇੰਡ T-20 ਕ੍ਰਿਕਟ ਟੂਰਨਾਮੈਂਟ 13, 14 ਅਤੇ 15 ਨਵੰਬਰ 2026 ਨੂੰ ਰੇਲਵੇ ਮੰਡੀ ਕ੍ਰਿਕਟ ਗਰਾਊਂਡ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜਕੁਮਾਰ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਭਾਗ ਲੈਣਗੀਆਂ। ਟੂਰਨਾਮੈਂਟ ਦਾ ਉਦਘਾਟਨ 13 ਨਵੰਬਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ, ਜਦਕਿ ਪਹਿਲਾ ਮੁਕਾਬਲਾ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਖੇਡ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਇਸ ਖੇਡ ਸਮਾਗਮ ਰਾਹੀਂ ਸਮਾਜ ਵਿੱਚ ਦਿਵਿਆਂਗ ਵਿਅਕਤੀਆਂ ਪ੍ਰਤੀ ਸਤਿਕਾਰ, ਬਰਾਬਰੀ ਅਤੇ ਹਾਂ-ਪੱਖੀ ਸੋਚ ਦਾ ਸੰਦੇਸ਼ ਦਿੱਤਾ ਜਾਵੇਗਾ। ਸੋਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਰਾਮਚਰਿੱਤ ਮਾਨਸ ਪ੍ਰਚਾਰ ਮੰਡਲ, ਲਾਇਨਜ਼ ਕਲੱਬ ਹੁਸ਼ਿਆਰਪੁਰ, ਪਰਲ, ਟ੍ਰਿਪਲ ਐਮ ਪਬਲਿਕ ਸਕੂਲ, ਟ੍ਰਿਪਲ ਐਮ ਸਕੂਲ ਆਫ ਐਕਸੀਲੈਂਸ, ਹੁਸ਼ਿਆਰਪੁਰ ਆਟੋਮੋਬਾਈਲਜ਼ ਅਤੇ ਡਾ. ਜਮੀਲ ਬਾਲੀ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਇਸ ਨੇਕ ਉਪਰਾਲੇ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
ਇਸ ਮੌਕੇ ਮੈਡਮ ਡੌਲੀ ਚੀਮਾ, ਨੀਲਮ ਰਾਣੀ, ਡਾ. ਕੇਵਲ ਤੱਖੀ, ਦੀਪਕ ਸ਼ਰਮਾ, ਗੁਰਪ੍ਰੀਤ, ਪ੍ਰਦੀਪ ਸਿੰਘ, ਹਰਵਿੰਦਰ ਕਲਸੀ, ਹਰਪਾਲ ਸਿੰਘ ਅਤੇ ਕੁਲਜੀਤ ਬੰਗੜ ਵੱਲੋਂ ਵੀ ਟੂਰਨਾਮੈਂਟ ਦੀ ਸਫਲਤਾ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਸੰਦੀਪ ਸ਼ਰਮਾ ਅਤੇ ਰਾਜਕੁਮਾਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਵਿੱਚ ਪ੍ਰਤਿਭਾ ਅਤੇ ਕਾਬਲੀਅਤ ਦੀ ਕੋਈ ਘਾਟ ਨਹੀਂ ਹੁੰਦੀ, ਸਗੋਂ ਉਨ੍ਹਾਂ ਨੂੰ ਸਿਰਫ਼ ਢੁਕਵੇਂ ਮੌਕਿਆਂ ਅਤੇ ਸਮਾਜ ਦੇ ਸਹਿਯੋਗ ਦੀ ਲੋੜ ਹੁੰਦੀ ਹੈ। ਅਜਿਹੇ ਖੇਡ ਮੁਕਾਬਲੇ ਦਿਵਿਆਂਗ ਖਿਡਾਰੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਸੋਸਾਇਟੀ ਵੱਲੋਂ ਸ਼ਹਿਰ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ, ਪਤਵੰਤੇ ਸੱਜਣਾਂ, ਖੇਡ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 13, 14 ਅਤੇ 15 ਨਵੰਬਰ ਨੂੰ ਰੇਲਵੇ ਮੰਡੀ ਕ੍ਰਿਕਟ ਗਰਾਊਂਡ ਵਿਖੇ ਪਹੁੰਚ ਕੇ ਨੇਤਰਹੀਣ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਇਸ ਖੇਡ ਸਮਾਗਮ ਨੂੰ ਯਾਦਗਾਰੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।










