
ਮੋਹਾਲੀ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਮੋਹਾਲੀ ਦੀ ਸਪੈਸ਼ਲ ਸੀਬੀਆਈ ਕੋਰਟ ਨੇ 7 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਬੀਤੇ ਦਿਨ (11 ਨਵੰਬਰ) ਰੰਧਾਵਾ ਨੂੰ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਦੇ ਸਾਲੇ ਨੂੰ ਵਿਆਹ ਸਮਾਗਮ ਤੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਹ ਫੈਸਲਾ ਕਰੀਬ 34 ਸਾਲਾਂ ਬਾਅਦ ਆਇਆ ਹੈ। ਜਿਸ ਸਮੇਂ ਅਗਵਾ ਦੀ ਵਾਰਦਾਤ ਹੋਈ ਸੀ, ਉਸ ਵੇਲੇ ਰੰਧਾਵਾ DSP ਦੇ ਅਹੁਦੇ ‘ਤੇ ਤਾਇਨਾਤ ਸਨ। ਕੇਸ ਦੀ ਸੁਣਵਾਈ ਜਾਰੀ ਰਹੀ ਅਤੇ ਇਸ ਦੌਰਾਨ ਉਹ ਤਰੱਕੀ ਕਰਕੇ SSP ਦੇ ਅਹੁਦੇ ਤੱਕ ਪਹੁੰਚ ਗਏ। ਉੱਥੇ ਹੀ ਅਗਵਾ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਤਤਕਾਲੀ SSP ਅਜੀਤ ਸਿੰਘ ਸੰਧੂ ਦੀ ਕੇਸ ਦੀ ਸੁਣਵਾਈ ਦੌਰਾਨ ਹੀ ਮੌਤ ਹੋ ਗਈ। ਨਾਲ ਹੀ ਕਾਰੋਬਾਰੀ ਨੂੰ ਅਗਵਾ ਕਰਨ ਵਿੱਚ ਸ਼ਾਮਲ 3 ਪੁਲਿਸ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਪਰ, ਕੇਸ ਚੱਲਦਾ ਰਿਹਾ ਅਤੇ ਆਖ਼ਰਕਾਰ 34 ਸਾਲਾਂ ਬਾਅਦ ਟਰਾਂਸਪੋਰਟਰ ਦੇ ਪਰਿਵਾਰ ਨੂੰ ਹੁਣ ਇਨਸਾਫ਼ ਮਿਲਿਆ ਹੈ। ਦੱਸ ਦਈਏ ਕਿ ਅਮਰੀਕ ਸਿੰਘ ਸਕਰੀ ਲੁਧਿਆਣਾ ਦੇ ਟਰਾਂਸਪੋਰਟਰ ਸਨ।

25 ਨਵੰਬਰ 1992 ਨੂੰ ਉਹ ਆਪਣੇ ਸਾਲੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸੇ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। CBI ਜਾਂਚ ਮੁਤਾਬਕ, ਅਮਰੀਕ ਸਿੰਘ ਨੂੰ ਚੁੱਕੇ ਜਾਣ ਦੀ ਸੂਚਨਾ ਟੈਲੀਗ੍ਰਾਮ ਰਾਹੀਂ ਤਤਕਾਲੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਨ੍ਹਾਂ ਦੀ ਰਿਹਾਈ ਲਈ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਫਾਇਦਾ ਨਹੀਂ ਹੋਇਆ। ਅਮਰੀਕ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਤਕਾਲੀ SSP ਅਜੀਤ ਸਿੰਘ ਸੰਧੂ, DSP ਗੁਰਮੀਤ ਸਿੰਘ ਰੰਧਾਵਾ ਸਮੇਤ ਛੇ ਪੁਲਿਸ ਅਧਿਕਾਰੀਆਂ ਨੇ ਅਮਰੀਕ ਸਿੰਘ ਨੂੰ ਚੁੱਕਿਆ ਸੀ। ਦਿਲਬਾਗ ਸਿੰਘ ਅਗਲੇ ਦਿਨ ਤਰਨਤਾਰਨ ਵਿੱਚ ਅਮਰੀਕ ਸਿੰਘ ਨੂੰ ਮਿਲੇ ਵੀ ਸੀ, ਪਰ ਬਾਅਦ ਵਿੱਚ ਉਨ੍ਹਾਂ ਦੀ ਮੁਲਾਕਾਤ ਕਰਵਾਉਣ ਵਾਲੇ DSP ਨੂੰ ਧਮਕਾਇਆ ਗਿਆ। 1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਬੰਦੀ ਪ੍ਰਤੱਖੀਕਰਨ (ਹੈਬੀਅਸ ਕਾਰਪਸ) ਪਟੀਸ਼ਨ ਦਾਇਰ ਕੀਤੀ। ਇਸ ਦੀ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕ ਸਿੰਘ ਦੀ ਮੌਤ ਹੋ ਚੁੱਕੀ ਹੈ। ਸਰਕਾਰ ਨੇ ਉਨ੍ਹਾਂ ਦੇ ਭੋਗ ਨਾਲ ਸਬੰਧਤ ਇਸ਼ਤਿਹਾਰ ਵੀ ਰਿਕਾਰਡ ‘ਤੇ ਪੇਸ਼ ਕੀਤੇ।
ਹਾਲਾਂਕਿ, ਪਰਿਵਾਰ ਨੇ ਸਰਕਾਰ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਵੱਲੋਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੱਸ ਕੇ ਕੀਤੇ ਗਏ ਸਸਕਾਰ ਦੇ ਮਾਮਲਿਆਂ ਦੀ CBI ਜਾਂਚ ਦੇ ਹੁਕਮ ਦਿੱਤੇ। ਅਮਰੀਕ ਸਿੰਘ ਦਾ ਮਾਮਲਾ ਵੀ ਜਾਂਚ ਦੇ ਘੇਰੇ ਵਿੱਚ ਆ ਗਿਆ। CBI ਨੇ ਜਨਵਰੀ 1999 ਵਿੱਚ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਫਰਵਰੀ 2000 ਵਿੱਚ ਅਗਵਾ, ਗੈਰ-ਕਾਨੂੰਨੀ ਹਿਰਾਸਤ, ਰਿਕਾਰਡ ਵਿੱਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਆਰੋਪਾਂ ਤਹਿਤ ਨਿਯਮਤ ਕੇਸ ਦਰਜ ਕੀਤਾ ਗਿਆ। 2001 ਵਿੱਚ CBI ਨੇ ਤਤਕਾਲੀ DSP (D) ਤਰਨਤਾਰਨ ਗੁਰਮੀਤ ਸਿੰਘ ਰੰਧਾਵਾ, ਤਤਕਾਲੀ SHO ਇੰਸਪੈਕਟਰ ਸੂਬਾ ਸਿੰਘ, SI ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ASI ਜਸਵੰਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ। ਚਾਰਜਸ਼ੀਟ ਵਿੱਚ ਤਤਕਾਲੀ SSP ਅਜੀਤ ਸਿੰਘ ਸੰਧੂ ਨੂੰ ਅਗਵਾ ਦੀ ਸਾਜ਼ਿਸ਼ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਸੀ। ਹਾਲਾਂਕਿ, ਜਾਂਚ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। 2022 ਵਿੱਚ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਦੌਰਾਨ CBI ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਕਈ ਅਹਿਮ ਸਬੂਤ ਰਿਕਾਰਡ ਵਿੱਚੋਂ ਗਾਇਬ ਮਿਲੇ। ਇਨ੍ਹਾਂ ਵਿੱਚ ਗਵਾਹਾਂ ਦੇ ਬਿਆਨ, ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦੇ ਨਾਲ-ਨਾਲ ਮੁਲਜ਼ਮ ਪੁਲਿਸ ਅਧਿਕਾਰੀਆਂ ਦੇ ਵਾਹਨਾਂ ਦੀ ਲੌਗਬੁੱਕ ਵੀ ਸ਼ਾਮਲ ਸੀ। ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਰਿਕਾਰਡ ਮੁੜ ਤਿਆਰ ਕੀਤਾ ਗਿਆ। ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਮੁਤਾਬਕ, ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕੇਸ ਦਾ ਰਿਕਾਰਡ ਗਾਇਬ ਕਰਵਾਇਆ ਗਿਆ ਸੀ।












