
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਵਿਸ਼ਵਕਰਮਾ, ਸ਼ਿਵ ਕਲੋਨੀ ਕਪੂਰਥਲਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਬੀਬੀ ਰਮਨਪ੍ਰੀਤ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਬੀਬੀ ਰਮਨਪ੍ਰੀਤ ਕੌਰ ਅਤੇ ਉਨ੍ਹਾਂ ਦੇ ਜਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜਸ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ।

ਕੀਰਤਨ ਦੌਰਾਨ ਸੰਗਤ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਗੁਰਬਾਣੀ ਦਾ ਆਨੰਦ ਮਾਣਿਆ। ਇਸ ਧਾਰਮਿਕ ਸਮਾਗਮ ਵਿੱਚ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਅਤੇ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।











