
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਯਾਤਰੀਆਂ ਦੀ ਸਹੂਲਤ ਲਈ ਕੇਂਦਰ ਸਰਕਾਰ ਵੱਲੋਂ ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟਡ ਟਰੈਵਲਰ ਪ੍ਰੋਗਰਾਮ (FTI-TTP) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਸਹੂਲਤ ਨਾਲ ਹੁਣ ਅੰਤਰਰਾਸ਼ਟਰੀ ਯਾਤਰੀਆਂ ਨੂੰ ਇਮੀਗ੍ਰੇਸ਼ਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਤੋਂ ਰਾਹਤ ਮਿਲੇਗੀ। ਬਾਇਓਮੈਟ੍ਰਿਕ ਤਕਨੀਕ ਦੀ ਮਦਦ ਨਾਲ ਯਾਤਰੀਆਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਕਰੀਬ 30 ਸਕਿੰਟਾਂ ਵਿੱਚ ਪੂਰੀ ਹੋ ਸਕੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਵਿਦੇਸ਼ ਜਾਣ ਤੇ ਭਾਰਤ ਆਉਣ ਵਾਲੇ ਯਾਤਰੀਆਂ ਦਾ ਸਮਾਂ ਬਚਾਉਣਾ ਅਤੇ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਤੇ ਆਸਾਨ ਬਣਾਉਣਾ ਹੈ। ਇਸ ਸਹੂਲਤ ਦੀ ਸ਼ੁਰੂਆਤ ਨਾਲ ਅੰਮ੍ਰਿਤਸਰ ਹਵਾਈ ਅੱਡਾ ਵੀ ਦੇਸ਼ ਦੇ ਉਨ੍ਹਾਂ ਚੋਣਵੇਂ ਹਵਾਈ ਅੱਡਿਆਂ ‘ਚ ਸ਼ਾਮਲ ਹੋ ਗਿਆ ਹੈ, ਜਿੱਥੇ ਇਹ ਆਧੁਨਿਕ ਪ੍ਰਣਾਲੀ ਉਪਲਬਧ ਹੈ। ਇਹ ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ ਖਾਸ ਤੌਰ ਤੇ ਭਾਰਤੀ ਪਾਸਪੋਰਟ ਧਾਰਕਾਂ ਤੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (OCI) ਕਾਰਡ ਧਾਰਕਾਂ ਲਈ ਸ਼ੁਰੂ ਕੀਤੀ ਗਈ ਹੈ। ਇਸ ਦਾ ਲਾਭ ਲੈਣ ਲਈ ਯਾਤਰੀਆਂ ਨੂੰ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਅਧਿਕਾਰਤ ਪੋਰਟਲ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਰਜਿਸਟ੍ਰੇਸ਼ਨ ਦੌਰਾਨ ਯਾਤਰੀਆਂ ਨੂੰ ਆਪਣੇ ਪਾਸਪੋਰਟ ਤੇ ਹੋਰ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨੇ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਦੇ ਫਿੰਗਰਪ੍ਰਿੰਟ ਤੇ ਚਿਹਰੇ ਦੀ ਤਸਵੀਰ ਸਮੇਤ ਬਾਇਓਮੈਟ੍ਰਿਕ ਜਾਣਕਾਰੀ ਦਰਜ ਕੀਤੀ ਜਾਵੇਗੀ।

ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ ਯਾਤਰੀ ਹਵਾਈ ਅੱਡੇ ‘ਤੇ ਲਗਾਏ ਗਏ ਵਿਸ਼ੇਸ਼ ਈ-ਗੇਟ ਦੀ ਵਰਤੋਂ ਕਰ ਸਕਣਗੇ। ਇਸ ਲਈ ਯਾਤਰੀਆਂ ਨੂੰ ਆਪਣਾ ਬੋਰਡਿੰਗ ਪਾਸ ਤੇ ਪਾਸਪੋਰਟ ਸਕੈਨ ਕਰਨਾ ਹੋਵੇਗਾ। ਇਸ ਤੋਂ ਬਾਅਦ ਬਾਇਓਮੈਟ੍ਰਿਕ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ। ਜੇਕਰ ਬਾਇਓਮੈਟ੍ਰਿਕ ਜਾਣਕਾਰੀ ਦਾ ਮਿਲਾਨ ਸਹੀ ਪਾਇਆ ਜਾਂਦਾ ਹੈ ਤਾਂ ਈ-ਗੇਟ ਆਪਣੇ ਆਪ ਖੁੱਲ੍ਹ ਜਾਵੇਗਾ ਤੇ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ। ਇਹ ਸਹੂਲਤ ਹਵਾਈ ਅੱਡੇ ਤੇ ਆਉਣ ਤੇ ਇੱਥੋਂ ਰਵਾਨਾ ਹੋਣ ਵਾਲੇ ਦੋਵਾਂ ਤਰ੍ਹਾਂ ਦੇ ਯਾਤਰੀਆਂ ਲਈ ਉਪਲਬਧ ਰਹੇਗੀ। ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ ਲਈ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਰੱਖੀ ਗਈ ਹੈ। ਹਾਲਾਂਕਿ, ਇਸ ਲਈ ਅਪਲਾਈ ਕਰਨ ਵਾਲੇ ਯਾਤਰੀ ਦੇ ਪਾਸਪੋਰਟ ਦੀ ਵੈਧਤਾ ਘੱਟੋ-ਘੱਟ ਛੇ ਮਹੀਨੇ ਹੋਣੀ ਲਾਜ਼ਮੀ ਹੈ। ਇਸ ਪ੍ਰੋਗਰਾਮ ਤਹਿਤ ECR ਸ਼੍ਰੇਣੀ ਵਾਲੇ ਪਾਸਪੋਰਟ ਧਾਰਕ ਤੇ ਸੱਤ ਸਾਲ ਤੋਂ ਘੱਟ ਉਮਰ ਦੇ ਬੱਚੇ ਰਜਿਸਟ੍ਰੇਸ਼ਨ ਲਈ ਯੋਗ ਨਹੀਂ ਹੋਣਗੇ। ਇਸ ਤੋਂ ਇਲਾਵਾ, ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਵਿੱਚ ਲਗਭਗ ਇੱਕ ਮਹੀਨੇ ਦਾ ਸਮਾਂ ਲੱਗ ਸਕਦਾ ਹੈ।












