
ਚੰਡੀਗੜ੍ਹ (ਦ ਸਟੈਲਰ ਨਿਊਜ਼)। ਜ਼ੀਰਕਪੁਰ ਤੋਂ ਇਸ ਵੇਲੇ ਦੀ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚੰਡੀਗੜ੍ਹ ਦੇ ਰਹਿਣ ਵਾਲੇ ਕੁਝ ਵਿਅਕਤੀ ਆਪਣੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਮਾਮਲੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਪੀੜਤ ਵਿਅਕਤੀ ਸਤਾਬਗੜ੍ਹ ਰੋਡ ਉੱਤੇ ਮੈਕਡੋਨਲਡ ਵਾਲੀ ਸਾਈਡ ਤੋਂ ਆ ਕੇ ਮੁਹਾਲੀ ਵੱਲ ਜਾ ਰਹੇ ਸਨ। ਜਦੋਂ ਉਹ ਨਿਰਧਾਰਤ ਸਥਾਨ ‘ਤੇ ਖੜ੍ਹੇ ਸਨ, ਤਾਂ ਉਸੇ ਦੌਰਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ 2 ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੌਰਾਨ ਗੱਡੀ ਉੱਤੇ 2 ਫਾਇਰ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਥਾਣਾ ਮੁਖੀ ਤੁਰੰਤ ਮੌਕੇ ਉੱਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਤਸਦੀਕ ਕੀਤੀ ਹੈ ਕਿ ਇਸ ਖੌਫਨਾਕ ਹਮਲੇ ਦੌਰਾਨ ਗੱਡੀ ਵਿੱਚ ਸਵਾਰ ਤਿੰਨੇ ਵਿਅਕਤੀਆਂ ਅਤੇ ਡਰਾਈਵਰ ਦਾ ਬਚਾਅ ਹੋ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਸਾਰੇ ਸੁਰੱਖਿਅਤ ਹਨ। ਪੁਲਿਸ ਵੱਲੋਂ ਜਦੋਂ ਮੌਜੂਦਾ ਹਾਲਾਤ ਅਤੇ ਗੈਂਗਵਾਰ ਸੰਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਕਿਸੇ ਗੈਂਗਵਾਰ ਨਾਲ ਨਹੀਂ ਜੁੜਿਆ ਹੋਇਆ, ਸਗੋਂ ਇਹ ਮੁੱਢਲੇ ਤੌਰ ‘ਤੇ ਕਿਸੇ ਧਿਰ ਨਾਲ ਪ੍ਰਾਪਰਟੀ ਦੇ ਪੁਰਾਣੇ ਵਿਵਾਦ ਦਾ ਨਤੀਜਾ ਜਾਪਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।












