
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ, ਆਈ.ਏ.ਐਸ. ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵੱਲੋਂ ਅੱਜ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 13 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਦੁਆਰਾ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦਾ ਆਰਥਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਸਿਲਾਈ ਮਸ਼ੀਨਾਂ ਨੂੰ ਵੰਡਣ ਦਾ ਮੁੱਖ ਮਕਸਦ ਲੋੜਵੰਦ ਔਰਤਾਂ ਨੂੰ ਹੁਨਰਮੰਦ ਅਤੇ ਆਤਮ-ਨਿਰਭਰ ਬਣਾਉਣਾ ਹੈ, ਤਾਂ ਜੋ ਉਹ ਆਪਣੇ ਘਰ ਬੈਠੇ ਹੀ ਸਿਲਾਈ-ਕਢਾਈ ਦਾ ਕੰਮ ਸ਼ੁਰੂ ਕਰਕੇ ਆਪਣੀ ਰੋਜ਼ੀ-ਰੋਟੀ ਕਮਾ ਸਕਣ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਵਧੀਆ ਢੰਗ ਨਾਲ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਪ੍ਰੋਜੈਕਟ ਜਾਰੀ ਰੱਖੇਗੀ, ਤਾਂ ਜੋ ਵੱਧ ਤੋਂ ਵੱਧ ਜ਼ਰੂਰਤਮੰਦ ਪਰਿਵਾਰਾਂ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ।

ਇਸ ਮੌਕੇ ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਲਾਭਪਾਤਰੀ ਔਰਤਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੁੱਚੀ ਰੈੱਡ ਕਰਾਸ ਸੁਸਾਇਟੀ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਵੰਡ ਸਮਾਰੋਹ ਦੌਰਾਨ ਸੰਯੁਕਤ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਦਿੱਤਿਆ ਰਾਣਾ, ਵਾਈਸ ਚੇਅਰਮੈਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ, ਕਰਮਜੀਤ ਕੌਰ ਆਹਲੂਵਾਲੀਆ, ਮੈਂਬਰ ਰੈੱਡ ਕਰਾਸ ਅਤੇ ਰੈੱਡ ਕਰਾਸ ਟੀਮ ਦੁਆਰਾ ਲਾਭਪਾਤਰੀ ਔਰਤਾਂ ਨੂੰ ਇਹ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆ।











