
ਮੁਕੇਰੀਆਂ (ਦ ਸਟੈਲਰ ਨਿਊਜ਼)। ਜੰਮੂ-ਜਲੰਧਰ ਨੈਸ਼ਨਲ ਹਾਈਵੇਅ ਤੇ ਮੁਕੇਰੀਆਂ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ 8 ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਚਾਰ ਹੋਰ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਾਰ ਸਵਾਰ ਪਰਿਵਾਰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਭਾਰਤੀ ਫ਼ੌਜ ਵਿੱਚ ਜਵਾਨ ਵਜੋਂ ਤਾਇਨਾਤ ਹੈ। ਇਸ ਮੰਦਭਾਗੇ ਹਾਦਸੇ ਵਿੱਚ ਫ਼ੌਜੀ ਜਵਾਨ ਦੀ 8 ਸਾਲਾ ਧੀ ਦੀ ਜਾਨ ਚਲੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸੁਰੱਖਿਆ ਮੁਲਾਜ਼ਮ ਚਰਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।











