ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ: ਮੁਕਤਾ ਵਾਲਿਆ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਵਾਤਾਵਰਣ ਤਾਂ ਹੀ ਹਰਿਆ-ਭਰਿਆ ਤੇ ਸ਼ੁੱਧ ਹੋ ਸਕਦਾ ਹੈ, ਜੇਕਰ ਵੱਧ ਤੋਂ ਵੱਧ ਵਿਅਕਤੀ ਬੂਟੇ ਲਗਾਉਣ। ਉਹਨਾਂ ਕਿਹਾ ਕਿ ਬੂਟੇ ਲਗਾਉਣ ਤੋਂ ਇਲਾਵਾ ਇਹਨਾਂ ਦੀ ਸੰਭਾਲ ਵੀ ਬਹੁਤ ਜ਼ਰੂਰੀ ਹੈ।

Advertisements

ਉਹਨਾਂ ਕਿਹਾ ਕਿ ਜੇਕਰ ਅਸੀਂ ਸ਼ੁੱਧ ਹਵਾ ਵਿੱਚ ਸਾਹ ਲੈਣਾ ਹੈ, ਤਾਂ ਇਕ ਮੁਹਿੰਮ ਦੀ ਤਰਾਂ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ‘ਆਈ ਹਰਿਆਲੀ’ ਐਪ ਵੀ ਸ਼ੁਰੂ ਕੀਤਾ ਗਿਆ ਹੈ। ਇਸ ਐਪ ਰਾਹੀਂ ਕਿਸੇ ਵੀ ਵਿਅਕਤੀ ਵਲੋਂ ਬੂਟੇ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

-ਕਿਹਾ, ‘ਆਈ ਹਰਿਆਲੀ’ ਐਪ ਰਾਹੀਂ ਵੀ ਦਿੱਤੇ ਜਾ ਰਹੇ ਨੇ ਮੁਫ਼ਤ ਬੂਟੇ

ਉਹਨਾਂ ਦੱਸਿਆ ਕਿ ਇਸ ਐਪ ਰਾਹੀਂ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇੱਕ ਬਟਨ ਦੇ ਕਲਿੱਕ ਰਾਹੀਂ ਆਸਾਨੀ ਨਾਲ ਬੂਟੇ ਬੁੱਕ ਕਰਵਾ ਸਕਦਾ ਹੈ। ਇਸ ਐਪ ਨੂੰ ਸ਼ੁਰੂ ਕਰਨ ਦਾ ਉਦੇਸ਼ ਬਰਸਾਤ ਦੇ ਚਾਲੂ ਸੀਜ਼ਨ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਵਾਤਾਵਰਣ ਨੂੰ ਹੋਰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ।

ਵਿਪੁਲ ਉਜਵਲ ਨੇ ਕਿਹਾ ਕਿ ਜੰਗਲਾਤ ਵਿਭਾਗ ਵਲੋਂ ਜ਼ਿਲੇ ਨੂੰ ਹਰਿਆ-ਭਰਿਆ ਬਣਾਉਣ ਲਈ ਕਰੀਬ 6 ਲੱਖ ਬੂਟੇ ਵੰਡੇ ਜਾਣਗੇ। ਉਹਨਾਂ ਕਿਹਾ ਕਿ ‘ਆਈ ਹਰਿਆਲੀ’ ਐਪ ਤੋਂ ਇਲਾਵਾ ਵੀ ਜ਼ਿਲਾ ਵਾਸੀ ਆਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਬੂਟੇ ਪ੍ਰਾਪਤ ਕਰ ਸਕਦੇ ਹਨ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਨੂੰ ਹਰਿਆ-ਭਰਿਆ ਬਣਾਉਣ ਲਈ ਹੰਭਲਾ ਮਾਰਨ ਦੀ ਲੋੜ ਹੈ।

ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹ ਬੂਟੇ ਮੁਫ਼ਤ ਪ੍ਰਾਪਤ ਕਰਨ ਲਈ ਜਿਲੇ ਦੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਆਈ ਹਰਿਆਲੀ’ ਐਪ ਰਾਹੀਂ ਬੂਟੇ ਵੰਡੇ ਜਾਣਗੇ, ਉਥੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮੁਫ਼ਤ ਵਿੱਚ ਬੂਟੇ ਪ੍ਰਾਪਤ ਕਰਨ ਲਈ ਮਤੇ ਪਾ ਕੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here